ਖੱਟਰ ਵੱਲੋਂ ਮਰਹੂਮ ਆਈਪੀਐਸ ਅਧਿਕਾਰੀ ਦੇ ਪਰਿਵਾਰ ਨਾਲ ਮੁਲਾਕਾਤ
ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਹਰਿਆਣਾ ਦੇ ਆਈਪੀਐਸ ਅਧਿਕਾਰੀ ਮਰਹੂਮ ਵਾਈ ਪੂਰਨ ਕੁਮਾਰ ਦੇ ਚੰਡੀਗੜ੍ਹ ਸਥਿਤ ਘਰ ਵਿੱਚ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਨੇ ਵਾਈ. ਪੂਰਨ ਕੁਮਾਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਪਰਿਵਾਰ ਨੂੰ ਉਕਤ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦਾ ਭਰੋਸਾ ਵੀ ਦਿੱਤਾ।
ਦੂਜੇ ਪਾਸੇ ਚੰਡੀਗੜ੍ਹ ਪੁਲੀਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਵਾਈ ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਸਬੰਧੀ ਜਾਂਚ ਤੇਜ਼ ਕਰ ਦਿੱਤੀ ਹੈ। ਜਾਂਚ ਟੀਮ ਨੇ ਮਰਹੂਮ ਆਈਪੀਐੱਸ ਅਧਿਕਾਰੀ ਦਾ ਲੈਪਟਾਪ ਅਤੇ ਹੋਰ ਇਲੈਕਟਰੋਨਿਕ ਉਪਕਰਨ ਜਾਂਚ ਲਈ ਫੋਰੈਂਸਿਕ ਕੋਲ ਭੇਜ ਦਿੱਤੇ ਹਨ। ਇਸ ਤੋਂ ਇਲਾਵਾ ਪੁਲੀਸ ਵੱਲੋਂ ਵਾਈ ਪੂਰਨ ਕੁਮਾਰ ਦੀ ਕਾਲ ਡਿਟੇਲ ਵੀ ਖੰਗਾਲੀ ਜਾ ਰਹੀ ਹੈ।
ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਨੇ 7 ਅਕਤੂਬਰ ਨੂੰ ਸੈਕਟਰ 11 ਸਥਿਤ ਆਪਣੇ ਘਰ ਵਿੱਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇਸ ਦੌਰਾਨ ਪੁਲੀਸ ਨੂੰ ਘਟਨਾ ਵਾਲੀ ਥਾਂ ਤੋਂ ਇੱਕ ਖੁਦਕੁਸ਼ੀ ਪੱਤਰ ਵੀ ਮਿਲਿਆ ਸੀ ਜਿਸ ਵਿੱਚ ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਅਤੇ ਰੋਹਤਕ ਦੇ ਐੱਸਪੀ ਨਰੇਂਦਰ ਬਿਜਰਾਨੀਆ ਸਣੇ ਹੋਰ ਕਈ ਸੀਨੀਅਰ ਅਧਿਕਾਰੀਆਂ ਉੱਥੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਗਏ ਸਨ।