ਖੱਟਰ ਵੱਲੋਂ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ
ਹਰਿਆਣਾ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਮਰਹੂਮ ਵਾਈ ਪੂਰਨ ਕੁਮਾਰ ਦੇ ਚੰਡੀਗੜ੍ਹ ਦੇ ਸੈਕਟਰ-24 ਸਥਿਤ ਘਰ ਵਿੱਚ ਕੇਂਦਰ ਮੰਤਰੀ ਮਨੋਹਰ ਲਾਲ ਖੱਟਰ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੇਂਦਰੀ ਮੰਤਰੀ ਨੇ ਵਾਈ ਪੂਰਨ ਕੁਮਾਰ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀ ਪਤਨੀ ਅਮਨੀਤ ਪੀ ਕੁਮਾਰ ਅਤੇ ਦੋਵਾਂ ਧੀਆਂ ਦੇ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਖੱਟਰ ਨੇ ਪੀੜਤ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਨਾਲ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ ਅਤੇ ਪਰਿਵਾਰ ਨੂੰ ਮਾਮਲੇ ਦੀ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਜਾਂਚ ਕਰਵਾਉਣ ਦੀ ਭਰੋਸਾ ਦਿਵਾਇਆ।
ਵਾਈ ਪੂਰਨ ਕੁਮਾਰ ਨੇ ਸੱਤ ਅਕਤੂਬਰ ਨੂੰ ਸੈਕਟਰ-11 ਸਥਿਤ ਆਪਣੇ ਘਰ ਵਿੱਚ ਖ਼ੁਦ ਨੂੰ ਗੋਲੀ ਮਾਰ ਲਈ ਸੀ। ਇਸ ਦੌਰਾਨ ਪੁਲੀਸ ਨੂੰ ਘਟਨਾ ਵਾਲੀ ਥਾਂ ਤੋਂ ਖ਼ੁਦਕੁਸ਼ੀ ਪੱਤਰ ਵੀ ਮਿਲਿਆ ਸੀ ਜਿਸ ਵਿੱਚ ਹਰਿਆਣਾ ਦੇ ਡੀ ਜੀ ਪੀ ਅਤੇ ਰੋਹਤਕ ਦੇ ਐੱਸ ਪੀ ਸਣੇ ਹੋਰ ਕਈ ਸੀਨੀਅਰ ਅਧਿਕਾਰੀਆਂ ਉੱਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਗਏ ਸਨ। ਇਸ ਤੋਂ ਬਾਅਦ ਪੀੜਤ ਪਰਿਵਾਰ ਨੇ ਪੁਲੀਸ ਦੀ ਕਾਰਵਾਈ ਤੋਂ ਨਾਰਾਜ਼ ਹੋ ਕੇ 8-9 ਦਿਨ ਪੂਰਨ ਕੁਮਾਰ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਸਸਕਾਰ ਕਰਵਾਇਆ ਗਿਆ। ਇਸ ਦੇ ਨਾਲ ਹੀ ਪੀੜਤ ਪਰਿਵਾਰ ਵੱਲੋਂ 26 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਨਾਢਾ ਸਾਹਿਬ ਵਿੱਚ ਪੂਰਨ ਕੁਮਾਰ ਦੀ ਅੰਤਿਮ ਅਰਦਾਸ ਰੱਖੀ ਗਈ ਹੈ।
ਚੰਡੀਗੜ੍ਹ ਪੁਲੀਸ ਵੱਲੋਂ ਜਾਂਚ ਤੇਜ਼
ਚੰਡੀਗੜ੍ਹ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਵਾਈ ਪੂਰਨ ਕੁਮਾਰ ਦੇ ਖ਼ੁਦਕੁਸ਼ੀ ਮਾਮਲੇ ਸਬੰਧੀ ਜਾਂਚ ਤੇਜ਼ ਕਰ ਦਿੱਤੀ ਹੈ। ਪੁਲੀਸ ਵੱਲੋਂ ਮਾਮਲੇ ਸਬੰਧੀ ਵੱਖ-ਵੱਖ ਵਿਅਕਤੀਆਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਜਾਂਚ ਟੀਮ ਨੇ ਮਰਹੂਮ ਆਈ ਪੀ ਐੱਸ ਅਧਿਕਾਰੀ ਦਾ ਲੈਪਟਾਪ ਅਤੇ ਮੋਬਾਈਲ ਫੋਨ ਸਣੇ ਹੋਰ ਇਲੈਕਟ੍ਰਾਨਿਕ ਉਪਕਰਨ ਜਾਂਚ ਲਈ ਫੋਰੈਂਸਿਕ ਵਿਭਾਗ ਕੋਲ ਭੇਜ ਦਿੱਤੇ ਹਨ। ਇਸ ਤੋਂ ਇਲਾਵਾ ਪੁਲੀਸ ਵੱਲੋਂ ਪੂਰਨ ਕੁਮਾਰ ਦੀ ਫੋਨ ਕਾਲ ਡੀਟੇਲ ਵੀ ਘੋਖੀ ਜਾ ਰਹੀ ਹੈ। ਚੰਡੀਗੜ੍ਹ ਪੁਲੀਸ ਵੱਲੋਂ ਪੋਸਟਮਾਰਟਮ ਰਿਪੋਰਟ ਵੀ ਉਡੀਕੀ ਜਾ ਰਹੀ ਹੈ।
