ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਅਪਰੈਲ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨਵੀਂ ਦਿੱਲੀ ਵਿੱਚ ਇਤਿਹਾਸਕ ਲਾਲ ਕਿਲ੍ਹੇ ਵਿੱਚ ਕਲਾ ਤਕਨੀਕਾਂ ਦੇ ਨਵੇਂ ਬਣੇ ਅਜਾਇਬ ਘਰ ਦਾ ਦੌਰਾ ਕੀਤਾ। ਇਸ ਮੌਕੇ ਹਰਿਆਣਾ ਦੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿੱਜ ਵੀ ਉਨ੍ਹਾਂ ਦੇ ਨਾਲ ਸਨ। ਹਰਿਆਣਾ ਦੇ ਅੰਬਾਲਾ ਵਿੱਚ 22 ਏਕੜ ਜ਼ਮੀਨ ਵਿੱਚ 300 ਕਰੋੜ ਰੁਪਏ ਦੀ ਲਾਗਤ ਨਾਲ ਪਹਿਲਾ ਸੁਤੰਤਰਤਾ ਸੰਗਰਾਮ ਸ਼ਹੀਦੀ ਸਮਾਰਕ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਇੱਕ ਅਜਾਇਬ ਘਰ ਹੈ। ਉਥੇ ਅਤਿ-ਆਧੁਨਿਕ ਤਕਨੀਕਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।
ਹਰਿਆਣਾ ਦੇ ਅੰਬਾਲਾ ਵਿੱਚ ਸਥਾਪਤ ਕੀਤੇ ਜਾ ਰਹੇ ਪਹਿਲੇ ਆਜ਼ਾਦੀ ਸੰਗਰਾਮ ਸ਼ਹੀਦੀ ਸਮਾਰਕ ਦੇ ਅਜਾਇਬ ਘਰ ਵਿੱਚ ਅਤਿ-ਆਧੁਨਿਕ ਤਕਨੀਕਾਂ ਦੀ ਵਰਤੋਂ ਕੀਤੀ ਜਾਵੇਗੀ। ਆਜ਼ਾਦੀ ਸੰਗਰਾਮ ਦੀ ਪਹਿਲੀ ਸ਼ਹੀਦੀ ਯਾਦਗਾਰ ਆਉਣ ਵਾਲੇ ਇੱਕ ਸਾਲ ਦੇ ਅਰਸੇ ਵਿੱਚ ਤਿਆਰ ਹੋ ਜਾਵੇਗੀ।
ਮੁੱਖ ਮੰਤਰੀ ਨੇ ਹਰਿਆਣਾ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਬਾਲਾ ਵਿੱਚ ਸਥਾਪਤ ਕੀਤਾ ਜਾ ਰਿਹਾ ਪਹਿਲਾ ਆਜ਼ਾਦੀ ਸੰਗਰਾਮ ਸ਼ਹੀਦ ਸਮਾਰਕ ਆਉਣ ਵਾਲੇ ਇੱਕ ਸਾਲ ਵਿੱਚ ਤਿਆਰ ਹੋ ਜਾਵੇਗਾ ਤੇ ਅਤਿ-ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨ ਵਾਲਾ ਅਜਾਇਬ ਘਰ ਵੀ ਬਣਾਇਆ ਜਾ ਰਿਹਾ ਹੈ। ਪਹਿਲੀ ਸੁਤੰਤਰਤਾ ਸੰਗਰਾਮ ਦੀਆਂ ਘਟਨਾਵਾਂ ਨੂੰ ਪੇਸ਼ ਕਰਨ ਦੀ ਦਿਸ਼ਾ ਵਿੱਚ ਵਿਜ਼ੂਅਲ, ਆਡੀਓ, ਸਾਊਂਡ ਅਤੇ ਲਾਈਟ ਆਦਿ ਦੀਆਂ ਅਤਿ-ਆਧੁਨਿਕ ਤਕਨੀਕਾਂ ਦੀ ਵਰਤੋਂ ਕੀਤੀ ਜਾਵੇਗੀ। ਲਗਭਗ 80 ਫੀਸਦੀ ਨਿਰਮਾਣ ਕਾਰਜ ਪੂਰਾ ਹੋ ਚੁੱਕਾ ਹੈ। ‘ਸੋਫਟ ਆਰਟ’ ਦਾ ਕੰਮ ਬਾਕੀ ਹੈ।