ਨਿਜੀ ਪੱਤਰ ਪ੍ਰੇਰਕ
ਅੰਬਾਲਾ, 10 ਅਪਰੈਲ
ਕਾਂਗਰਸ ਦੀ ਪ੍ਰਦੇਸ਼ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਹਰਿਆਣਾ ਸਰਕਾਰ ਦੇ ਡੰਕੇ ਸਾਰੇ ਦੇਸ਼ ’ਚ ਵੱਜ ਰਹੇ ਹਨ, ਜਦੋਂ ਕਿ ਬੇਰੁਜ਼ਗਾਰੀ ਦੇ ਮਾਮਲੇ ਵਿੱਚ ਵੀ ਰਾਜ ਦੇਸ਼ ਵਿੱਚ ਸਿਖਰ ’ਤੇ ਹੈ। ਪ੍ਰਦੇਸ਼ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜ ਗਈ ਹੈ। ਉਹ ਅੱਜ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕੈਸ਼ੀਅਰ ਐਡਵੋਕੇਟ ਰੋਹਿਤ ਜੈਨ ਦੇ ਸ਼ਹਿਰ ਸਥਿਤ ਨਿਵਾਸ ’ਤੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਕੁਮਾਰੀ ਸ਼ੈਲਜਾ ਨੇ ਕਿਹਾ ਕਿ ਵਿਕਾਸ ਦੇ ਨਾਂ ’ਤੇ ਜੰਮ ਕੇ ਭ੍ਰਿਸ਼ਟਾਚਾਰ ਹੋ ਰਿਹਾ ਹੈ। ਸਰਕਾਰ ਨਾ ਤਾਂ ਸਰਕਾਰੀ ਭਰਤੀਆਂ ਨੂੰ ਸਿਰੇ ਚੜ੍ਹਾ ਰਹੀ ਹੈ ਅਤੇ ਨਾ ਹੀ ਵਾਅਦੇ ਮੁਤਾਬਿਕ ਨਿੱਜੀ ਖੇਤਰ ਵਿੱਚ ਪ੍ਰਦੇਸ਼ ਦੇ ਨੌਜਵਾਨਾਂ ਨੂੰ ਰਾਖਵਾਂਕਰਨ ਦੇਣ ਦਾ ਕਾਨੂੰਨ ਲਾਗੂ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਭਰਤੀਆਂ ਦੇ ਨਾਂ ’ਤੇ ਖੁੱਲ੍ਹੀ ਲੁੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੰਬਾਲਾ ਸ਼ਹਿਰ ਵਿਚ ਹੀ ਚੌਕਾਂ ਦੇ ਨਿਰਮਾਣ ਵਿੱਚ ਭ੍ਰਿਸ਼ਟਾਚਾਰ ਹੋਇਆ ਹੈ, ਜਿਸ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਭਾਜਪਾ-ਜਜਪਾ ਗੱਠਜੋੜ ਦੀ ਸਰਕਾਰ ਸੂਬੇ ਦੇ ਪੜ੍ਹੇ-ਲਿਖੇ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕਦੇ ਵੀ ਲੋਕ-ਹਿੱਤ ਦੇ ਮੁੱਦਿਆਂ ’ਤੇ ਚੁੱਪ ਨਹੀਂ ਬੈਠੇਗੀ।