ਪ੍ਰਭੂ ਦਿਆਲ
ਸਿਰਸਾ, 15 ਦਸੰਬਰ
ਪੰਜਾਬੀ ਫ਼ਿਲਮਾਂ ਦੇ ਨਿਰਦੇਸ਼ਕ ਤੇ ਉੱਘੇ ਸਾਹਿਤਕਾਰ ਮਨਮੋਹਨ ਸਿੰਘ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਨ੍ਹਾਂ ਨੂੰ ਤੁਰੰਤ ਰੱਦ ਕੀਤੇ ਜਾਣ ਦੀ ਸਰਕਾਰ ਤੋਂ ਮੰਗ ਕੀਤੀ ਹੈ। ਮਨਮੋਹਨ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸਿਆ ਹੈ। ਇਥੇ ਗੱਲਬਾਤ ਕਰਦਿਆਂ ਮਨਮੋਹਨ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹਨ ਤੇ ਸਰਕਾਰ ਨੂੰ ਆਪਣੀ ਜ਼ਿੱਦ ਛੱਡ ਕੇ ਇਨ੍ਹਾਂ ਕਾਨੂੰਨਾਂ ਨੂੰ ਫੌਰੀ ਰੱਦ ਕਰਨਾ ਚਾਹੀਦਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਸੰਘਰਸ਼ ਹੁਣ ਲੋਕ ਲਹਿਰ ਬਣ ਗਈ ਹੈ। ਦਰਜਨਾਂ ਪੰਜਾਬੀ ਫ਼ਿਲਮਾਂ ਦਾ ਨਿਰਦੇਸ਼ਨ ਕਰ ਚੁੱਕ ਮਨਮੋਹਨ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਿਸਾਨਾਂ ਦਾ ਇੰਨਾ ਵੱਡਾ ਅੰਦੋਲਨ ਨਹੀਂ ਵੇਖਿਆ ਹੈ। ਲੱਖਾਂ ਕਿਸਾਨ ਸ਼ਾਂਤੀਪੂਰਨ ਤਰੀਕੇ ਨਾਲ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਖਾਲਿਸਤਾਨੀ, ਮਾਓਵਾਦੀ ਜਾਂ ਟੁਕੜੇ-ਟੁਕੜੇ ਗੈਂਗ ਦੱਸਣਾ ਗ਼ਲਤ ਹੈ। ਸਰਕਾਰ ਨੂੰ ਇਸ ਅੰਦੋਲਨ ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਅੰਦੋਲਨ ਸਿਰਫ ਪੰਜਾਬ ਦਾ ਨਾ ਹੋ ਕੇ ਪੂਰੇ ਦੇਸ਼ ਦੇ ਕਿਸਾਨਾਂ ਦਾ ਹੈ।