ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਤੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਗਏ ਕੇਸਾਂ ਨੂੰ ਵਾਪਸ ਕਰਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਅੰਦੋਲਨਕਾਰੀਆਂ ਵਿਚਕਾਰ ਹੋਏ ਲਿਖਤੀ ਸਮਝੌਤੇ ਮੁਤਾਬਕ ਕੁਝ ਮੁੱਦਿਆਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮਝੌਤੇ ਅਨੁਸਾਰ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਹੋਏ ਕੇਸ ਵਾਪਸ ਲੈਣ ਦੀ ਸਹਿਮਤੀ ਬਣੀ ਸੀ ਪਰ ਕੇਂਦਰ ਸਰਕਾਰ ਨੇ ਹਾਲੇ ਤੱਕ ਇਸ ਸਬੰਧੀ ਕੋਈ ਆਦੇਸ਼ ਜਾਰੀ ਨਹੀਂ ਕੀਤੇ ਹਨ, ਜਿਸ ਕਰਕੇ ਰੇਲਵੇ ਪੁਲੀਸ ਤੇ ਹੋਰ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।