ਅਫੀਮ ਤਸਕਰੀ ਮਾਮਲੇ ’ਚ ਮੁੱਖ ਮੁਲਜ਼ਮ ਕਾਬੂ
ਪੁਲੀਸ ਸੁਪਰਡੈਂਟ ਸਿਧਾਂਤ ਜੈਨ ਦੇ ਨਿਰਦੇਸ਼ਾਂ ਹੇਠ ਚਲਾਏ ਜਾ ਰਹੇ ਅਪਰੇਸ਼ਨ ਹੌਟਸਪੌਟ ਡੋਮੀਨੇਸ਼ਨ ਤਹਿਤ ਸੀ ਆਈ ਏ ਰਤੀਆ ਟੀਮ ਨੇ ਡਰੱਗ ਸਪਲਾਈ ਚੇਨ ਨੂੰ ਇੱਕ ਹੋਰ ਵੱਡਾ ਝਟਕਾ ਦਿੰਦੇ ਹੋਏ ਰਾਜਸਥਾਨ ਦੇ ਚਿਤੌੜਗੜ੍ਹ ਜ਼ਿਲ੍ਹੇ ਦੇ ਪਰਸਾਖੇੜਾ ਦੇ ਰਹਿਣ ਵਾਲੇ ਰਤਨਲਾਲ ਦੇ ਪੁੱਤਰ ਸੀਤਾਰਾਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਵਿੱਚ ਛੇ ਹੋਰ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਸੀ ਆਈ ਏ ਰਤੀਆ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਰਿਚਪਾਲ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਟੀਮ ਨੇ ਘੱਗਰ ਪੁਲ, ਰਤੀਆ ਨੇੜੇ ਸ਼ੱਕੀ ਹਾਲਤ ਵਿੱਚ ਇੱਕ ਵਾਹਨ ਨੂੰ ਰੋਕਿਆ ਅਤੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਵਾਹਨ ਵਿੱਚੋਂ ਕੁੱਲ 2 ਕਿਲੋ 706 ਗ੍ਰਾਮ ਅਫੀਮ ਬਰਾਮਦ ਕੀਤੀ ਗਈ। ਜ਼ਬਤੀ ਤੋਂ ਬਾਅਦ ਦੋਸ਼ੀਆਂ ਨੂੰ ਮੌਕੇ ’ਤੇ ਹੀ ਹਿਰਾਸਤ ਵਿੱਚ ਲੈ ਲਿਆ ਗਿਆ। ਜਾਂਚ ਦੌਰਾਨ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪ੍ਰਾਪਤ ਜਾਣਕਾਰੀ ਪੁਲੀਸ ਨੂੰ ਮੁੱਖ ਸਪਲਾਇਰ ਸੀਤਾਰਾਮ ਤੱਕ ਲੈ ਕੇ ਗਈ। ਪੜਤਾਲ ਦੌਰਾਨ ਦੋਸ਼ੀ ਤੋਂ 10 ਹਜ਼ਾਰ ਰੁਪਏ ਦੀ ਨਕਦੀ ਵੀ ਮਿਲੀ। ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
