ਪੰਚਕੂਲਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਚੰਡੀਗੜ੍ਹ ’ਤੇ ਆਪਣੀ ਦਾਅਵੇਦਾਰੀ ਲਈ ਮਤਾ ਪਾਸ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਹਰਿਆਣਾ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਪੰਚਕੂਲਾ ਵਿੱਚ ਅੱਜ ਲੜੀਵਾਰ ਕਈ ਮੀਟਿੰਗਾਂ ਹੋਈਆਂ, ਜਿਨ੍ਹਾਂ ਵਿੱਚ ਮੁੱਖ ਮੰਤਰੀ, ਹਰਿਆਣਾ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੇ ਸ਼ਮੂਲੀਅਤ ਕਰਕੇ ਭਵਿੱਖ ਰਣਨੀਤੀ ਘੜਨ ਲਈ ਵਿਚਾਰ ਚਰਚਾ ਕੀਤੀ। ਮੀਟਿੰਗ ਵਿੱਚ ਸਤਲੁਜ ਯਮੁਨਾ ਲਿੰਕ ਤੇ ਰਾਜਧਾਨੀ ਚੰਡੀਗੜ੍ਹ ਜਿਹੇ ਮੁੱਦੇ ਪ੍ਰਮੁੱਖਤਾ ਨਾਲ ਉਭਾਰੇ ਗਏ। ਸੂਬੇ ਦੇ ਸਿਹਤ ਤੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅਜੇ ਦੁੱਧ ਦੇ ਦੰਦ ਵੀ ਨਹੀਂ ਨਿਕਲੇ ਤੇ ਪਾਰਟੀ “ਚੰਡੀਗੜ੍ਹ ਪੰਜਾਬ ਦਾ” ਮੰਗ ਕਰਨ ਲੱਗੀ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਾਲ 1966 ਦੇ ਪੰਜਾਬ ਪੁਨਰਗਠਨ ਐਕਟ ਮੁਤਾਬਕ ਹਰਿਆਣਾ, ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਹੋਂਦ ਵਿੱਚ ਆਏ ਸਨ। ਐਕਟ ਮੁਤਾਬਕ ਚੰਡੀਗੜ੍ਹ ਉੱਤੇ ਹਰਿਆਣਾ ਦਾ ਵੀ ਪੂਰਾ ਹੱਕ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਚੰਡੀਗੜ੍ਹ ਦਾ ਮੁੱਦਾ ਚੁੱਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉਨ੍ਹਾਂ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।