ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਅਗਸਤ
ਹਰਿਆਣਾ ਵਿੱਚ ਖੱਟਰ ਸਰਕਾਰ ਵੱਲੋਂ 105 ਸਰਕਾਰੀ ਸਕੂਲ ਬੰਦ ਕਰਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਅੱਜ ਗੁਹਾਣਾ ਤੋਂ ਚੰਡੀਗੜ੍ਹ ਤੱਕ ਪੈਦਲ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ‘ਆਪ’ ਆਗੂ ਸਕੂਲਾਂ ਨੂੰ ਮੁੜ ਖੋਲ੍ਹਣ ਦੀ ਮੰਗ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮੰਗ ਪੱਤਰ ਦੇਣ ਪਹੁੰਚੇ।
ਪ੍ਰਾਪਤ ਜਾਣਕਾਰੀ ਅਨੁਸਾਰ ‘ਆਪ’ ਆਗੂਆਂ ਵੱਲੋਂ ਸ਼ਨਿੱਚਰਵਾਰ ਨੂੰ ਗੁਹਾਣਾ ਤੋਂ ਪੈਦਲ ਰੋਸ ਮਾਰਚ ਸ਼ੁਰੂ ਕੀਤਾ ਗਿਆ ਸੀ, ਜੋ 250 ਕਿੱਲੋਂਮੀਟਰ ਦਾ ਸਫ਼ਰ ਤੈਅ ਕਰਕੇ ਅੱਜ ਬਾਅਦ ਦੁਪਹਿਰ ਨੂੰ ਚੰਡੀਗੜ੍ਹ ਪਹੁੰਚੇ, ਜਿਨ੍ਹਾਂ ਨੂੰ ਚੰਡੀਗੜ੍ਹ ਸਥਿਤ ਸੁਖਨਾ ਝੀਲ ਨੇੜੇ ਪੁਲੀਸ ਵੱਲੋਂ ਰੋਕ ਲਿਆ ਗਿਆ। ਇਥੇ ਪੁਲੀਸ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਸੈਕਟਰ-3 ਲੈ ਗਈ, ਜਿੱਥੇ ਉਨ੍ਹਾਂ ਨਾਲ ਗੱਲਬਾਤ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਨ੍ਹਾਂ ਨੂੰ ਆਪਣੀ ਰਿਹਾਇਸ਼ ’ਤੇ ਆ ਕੇ ਮਿਲਣ ਦਾ ਸੱਦਾ ਦਿੱਤਾ, ਜਿੱਥੇ ਮੁੱਖ ਮੰਤਰੀ ਦੀ ਥਾਂ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਨੇ ਪ੍ਰਦਰਸ਼ਨਕਾਰੀਆਂ ਨਾਲ ਮੁਲਾਕਾਤ ਕੀਤੀ ਤੇ ਆਗੂਆਂ ਨੇ ਪ੍ਰਮੁੱਖ ਸਕੱਤਰ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ।
ਗੁਹਾਣਾ ਤੋਂ ਪੈਦਲ ਮਾਰਚ ਕਰਕੇ ਅੱਜ ਚੰਡੀਗੜ੍ਹ ਪਹੁੰਚਣ ਵਾਲਿਆਂ ਵਿੱਚ ਸ਼ਿਵ ਕੁਮਾਰ ਰੰਗੀਲਾ, ਨਵੀਨ ਗੌੜ, ਕੁਦੀਪ ਪੰਘਾਲ, ਸਰੋਜ ਬਾਲਾ, ਰਾਜੇਸ਼ ਸਰੋਹਾ, ਰਾਮਪਾਲ, ਮੋਹਿਤ ਅਗਰਵਾਲ, ਸ਼ਸ਼ੀ ਸਿਧਾਰਥ, ਵਿਜੇਂਦਰ ਭਾਰਤੀ ਤੇ ਨਰ ਸਿੰਘ ਗੁਹਾਣਾ ਸ਼ਾਮਲ ਸਨ। ਸ੍ਰੀ ਰੰਗੀਲਾ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਵਿੱਚ 105 ਸਰਕਾਰੀ ਸਕੂਲ ਬੰਦ ਕਰਨਾ ਚਾਹੁੰਦੀ ਹੈ, ਪਰ ਉਹ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨਿੱਜੀ ਸਿੱਖਿਆ ਨੂੰ ਹੁੰਗਾਰਾ ਦੇਣ ਲਈ ਅਜਿਹਾ ਕਰ ਰਹੀ ਹੈ, ਜਿਸ ਨਾਲ ਗਰੀਬ ਘਰਾਂ ਦੇ ਬੱਚੇ ਪੜ੍ਹਾਈ ਤੋਂ ਸੱਖਣੇ ਹੋ ਜਾਣਗੇ। ‘ਆਪ’ ਆਗੂਆਂ ਨੇ ਕਿਹਾ ਕਿ ਲੋਕਾਂ ਦੇ ਪੈਸੇ ਨਾਲ ਤਿਆਰ ਹੋਏ ਇਹ ਸਕੂਲ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਤੇ ਹੋਰਨਾਂ ਬੁਨਿਆਦੀ ਸਹੂਲਤਾਂ ਦੀ ਘਾਟ ਕਦੇ ਪੂਰੀ ਨਹੀਂ ਕੀਤੀ ਤੇ ਹੁਣ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਘਾਟ ਦਾ ਹਵਾਲਾ ਦੇ ਕੇ ਸਕੂਲ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਕਤ ਸਕੂਲਾਂ ਨੂੰ ਮੁੜ ਖੋਲ੍ਹੇ ਜਾਣ ਤੱਕ ਇਹ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ।