ਏ-ਗ੍ਰੇਡ ਮਾਰਕੀਟ ਕਮੇਟੀ ਸ਼ਾਹਬਾਦ ਦੇ ਮੈਦਾਨ ਵਿੱਚ ਇੱਕ ਸਮਾਗਮ ਦੌਰਾਨ ਨਵ-ਨਿਯੁਕਤ ਚੇਅਰਮੈਨ ਕਰਨਰਾਜ ਸਿੰਘ ਤੂਰ ਅਤੇ ਮੀਤ ਚੇਅਰਮੈਨ ਤਰਲੋਚਨ ਸਿੰਘ ਹਾਂਡਾ ਨੇ ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਸਮਾਗਮ ਵਿੱਚ ਹਰਿਆਣਾ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਬੇਦੀ ਨੇ ਕਿਹਾ ਕਿ ਭਾਜਪਾ ਹੀ ਇੱਕ ਅਜਿਹੀ ਸਰਕਾਰ ਹੈ ਜੋ ਪਾਰਟੀ ਦੇ ਕਾਰਕੁਨਾਂ, ਕਿਸਾਨਾਂ ਅਤੇ ਵਪਾਰੀਆਂ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਬਿਨਾਂ ਕਿਸੇ ਵਿਤਕਰੇ ਦੇ ਹਰ ਪਾਸੇ ਵਿਕਾਸ ਹੋ ਰਿਹਾ ਹੈ ਅਤੇ ਭਾਜਪਾ ਆਪਣੇ ਵਰਕਰਾਂ ਦਾ ਪੂਰਾ ਮਾਣ-ਸਨਮਾਨ ਕਰਦੀ ਹੈ। ਨਵ-ਨਿਯੁਕਤ ਚੇਅਰਮੈਨ ਕਰਨਰਾਜ ਸਿੰਘ ਤੂਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਮੀਤ ਚੇਅਰਮੈਨ ਤਰਲੋਚਨ ਸਿੰਘ ਹਾਂਡਾ ਨੇ ਕਿਹਾ ਕਿ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਇੱਕ ਸੇਵਾ ਦਾ ਮੌਕਾ ਵੀ ਹੈ, ਜਿਸ ਨੂੰ ਉਹ ਬਾਖੂਬੀ ਨਿਭਾਉਣਗੇ।
ਇਸ ਮੌਕੇ ਮਾਰਕੰਡਾ ਨੈਸ਼ਨਲ ਕਾਲਜ ਕਮੇਟੀ ਦੇ ਪ੍ਰਧਾਨ ਯਸ਼ਪਾਲ ਵਧਵਾ, ਭਾਜਪਾ ਮੰਡਲ ਨਲਵੀ ਦੇ ਪ੍ਰਧਾਨ ਸਰਬਜੀਤ ਸਿੰਘ ਕਲਸਾਣੀ, ਨਗਰਪਾਲਿਕਾ ਪ੍ਰਧਾਨ ਗੁਲਸ਼ਨ ਕਵਾਤਰਾ, ਅਤੇ ਅਨਾਜ ਮੰਡੀ ਐਸੋਸੀਏਸ਼ਨ ਦੇ ਪ੍ਰਧਾਨ ਸਵਰਣਜੀਤ ਸਿੰਘ ਕਾਲੜਾ ਸਮੇਤ ਹੋਰ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਨਵੇਂ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰੋਗਰਾਮ ਦੇ ਅੰਤ ਵਿੱਚ ਮਾਰਕੀਟ ਕਮੇਟੀ ਦੇ ਸਕੱਤਰ ਕ੍ਰਿਸ਼ਨ ਮਲਿਕ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਕੁੱਲ 20 ਮੈਂਬਰਾਂ ਨੇ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲਿਆ ਹੈ।