ਗੁਰਦੁਆਰਾ ਟੋਕਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ
ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਆਏ ਹਜ਼ੂਰੀ ਕਥਾਵਾਚਕ ਸਤਨਾਮ ਸਿੰਘ ਨੇ ਗੁਰੂ ਇਤਿਹਾਸ ਤੇ ਟੋਕਾ ਸਾਹਿਬ ਦੇ ਹਜ਼ੂਰੀ ਰਾਗੀ ਅਮਰਜੀਤ ਸਿੰਘ ਨੇ ਕੀਰਤਨ ਸਰਵਣ ਕਰਵਾਇਆ। ਭਾਈ ਸਤਨਾਮ ਸਿੰਘ ਨੇ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਔਰੰਗਜ਼ੇਬ ਨੇ ਹਿੰਦੂਆਂ ’ਤੇ ਜ਼ੁਲਮ ਕਰਨਾ ਸ਼ੁਰੂ ਕਰ ਦਿੱਤਾ ਸੀ ਅਤੇ ਹਿੰਦੂਆਂ ਨੂੰ ਜ਼ਬਰਦਸਤੀ ਇਸਲਾਮ ਕਬੂਲ ਕਰਨ ਲਈ ਮਜਬੂਰ ਕਰਦਾ ਸੀ। ਕਿਰਪਾ ਰਾਮ ਦੱਤ ਦੀ ਅਗਵਾਈ ਵਿੱਚ ਕਸ਼ਮੀਰੀ ਪੰਡਤਾਂ ਨੇ ਆਨੰਦਪੁਰ ਸਾਹਿਬ ਆ ਕੇ ਗੁਰੂ ਤੇਗ ਬਹਾਦਰ ਸਾਹਿਬ ਅੱਗੇ ਫਰਿਆਦ ਕੀਤੀ। ਜਿਸ ਤੋਂ ਬਾਅਦ ਗੁਰੂ ਤੇਗ ਬਹਾਦੁਰ ਸਾਹਿਬ ਨੇ ਹਿੰਦੂ ਧਰਮ ਦੀ ਰੱਖਿਆ ਲਈ ਦਿੱਲੀ ਦੇ ਚਾਂਦਨੀ ਚੌਕ ’ਚ ਸ਼ਹਾਦਤ ਦਿੱਤੀ। ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਨੇ ਵੀ ਉਨ੍ਹਾਂ ਦੇ ਨਾਲ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਗੁਰੂ ਸਾਹਿਬ ਅਤੇ ਸਿੱਖਾਂ ਦੀ ਸ਼ਹਾਦਤ ਤੋਂ ਬਾਅਦ ਔਰੰਗਜ਼ੇਬ ਨੇ ਹਿੰਦੂ ਧਰਮ ਨੂੰ ਜ਼ਬਰਦਸਤੀ ਇਸਲਾਮ ਵਿੱਚ ਬਦਲਣ ਦੀ ਹਿੰਮਤ ਨਹੀਂ ਕੀਤੀ। ਇਸ ਮੌਕੇ ਮੁਖਤਿਆਰ ਸਿੰਘ, ਸੁਖਪਾਲ ਸਿੰਘ, ਕੁਲਦੀਪ ਸਿੰਘ ਜੰਗੂ ਮਾਜਰਾ, ਮਹਿੰਦਰ ਸਿੰਘ, ਸਤਨਾਮ ਭਾਟੀਆ, ਮਾਸਟਰ ਅਵਤਾਰ ਸਿੰਘ, ਸੁਖਦਰਸ਼ਨ ਸਿੰਘ ਬਰਖੇੜੀ, ਪ੍ਰਿਥਵੀ ਸਿੰਘ ਅਤੇ ਜਤਿੰਦਰ ਸਿੰਘ ਅਬਦੁੱਲਾ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ।
