Meena Parmar ਵੱਲੋਂ ਥਾਣੇ ਤੇ ਹਸਪਤਾਲ ਦਾ ਦੌਰਾ
ਵਾਈਸ ਚੇਅਰਪਰਸਨ ਨੇ ਔਰਤਾਂ ਲਈ ਸਹੂਲਤਾਂ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ
ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਮੀਨਾ ਪਰਮਾਰ ਨੇ ਅੱਜ ਮਹਿਲਾ ਪੁਲੀਸ ਸਟੇਸ਼ਨ ਅਤੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਔਰਤਾਂ ਨਾਲ ਸਬੰਧਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਤੋਂ ਔਰਤਾਂ ਦੀਆਂ ਸ਼ਿਕਾਇਤਾਂ, ਮਾਮਲਿਆਂ ਦੇ ਨਿਪਟਾਰੇ, ਸਿਹਤ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕਰਕੇ ਲੋੜੀਂਦੇ ਸੁਧਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮਹਿਲਾ ਪੁਲੀਸ ਥਾਣੇ ਦੇ ਨਿਰੀਖਣ ਦੌਰਾਨ ਮੀਨਾ ਪਰਮਾਰ ਨੇ ਮਹਿਲਾ ਸ਼ਿਕਾਇਤਕਰਤਾਵਾਂ ਲਈ ਉਪਲਬਧ ਸਹੂਲਤਾਂ, ਸ਼ਿਕਾਇਤ ਰਜਿਸਟਰ ਅਤੇ ਵੱਖ-ਵੱਖ ਮਾਮਲਿਆਂ ਦੇ ਨਿਪਟਾਰੇ ਦੀ ਸਥਿਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਤੋਂ ਲੰਬਿਤ ਸ਼ਿਕਾਇਤਾਂ ਅਤੇ ਉਨ੍ਹਾਂ ’ਤੇ ਕੀਤੀ ਜਾ ਰਹੀ ਕਾਰਵਾਈ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਸਪੱਸ਼ਟ ਹਦਾਇਤ ਕੀਤੀ ਕਿ ਔਰਤਾਂ ਨਾਲ ਸਬੰਧਤ ਸ਼ਿਕਾਇਤਾਂ ਨੂੰ ਪੂਰੀ ਗੰਭੀਰਤਾ, ਸੰਵੇਦਨਸ਼ੀਲਤਾ ਅਤੇ ਤਰਜੀਹ ਦੇ ਆਧਾਰ ’ਤੇ ਸੁਣਿਆ ਜਾਵੇ। ਉਨ੍ਹਾਂ ਕਿਹਾ ਕਿ ਮਹਿਲਾ ਪੁਲੀਸ ਥਾਣੇ ਵਿੱਚ ਆਪਣੀ ਸ਼ਿਕਾਇਤ ਲੈ ਕੇ ਆਉਣ ਵਾਲੀ ਹਰ ਔਰਤ ਨੂੰ ਸਨਮਾਨਜਨਕ, ਸੁਰੱਖਿਅਤ ਅਤੇ ਭਰੋਸੇਯੋਗ ਮਾਹੌਲ ਮਿਲਣਾ ਚਾਹੀਦਾ ਹੈ। ਮੀਨਾ ਪਰਮਾਰ ਨੇ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਨਾਲ ਜੁੜੇ ਮਾਮਲਿਆਂ ਦੀ ਸਮੀਖਿਆ ਕੀਤੀ ਜਾਵੇ। ਲੰਬਿਤ ਸ਼ਿਕਾਇਤਾਂ ਦਾ ਸਮੇਂ ਸਿਰ ਨਿਬੇੜਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਨਿਆਂ ਦਿਵਾਉਣ ਵਿੱਚ ਕਿਸੇ ਵੀ ਪੱਧਰ ’ਤੇ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮਗਰੋਂ ਵਾਈਸ ਚੇਅਰਪਰਸਨ ਨੇ ਨਾਗਰਿਕ ਹਸਪਤਾਲ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਮਹਿਲਾ ਮਰੀਜ਼ਾਂ ਲਈ ਉਪਲਬਧ ਸਿਹਤ ਸਹੂਲਤਾਂ, ਵਾਰਡਾਂ, ਸਫ਼ਾਈ ਪ੍ਰਬੰਧ, ਪਖਾਨਿਆਂ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਹਸਪਤਾਲ ਵਿੱਚ ਇਲਾਜ ਅਧੀਨ ਮਹਿਲਾ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਮੀਨਾ ਪਰਮਾਰ ਨੇ ਹਸਪਤਾਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਮਹਿਲਾ ਮਰੀਜ਼ਾਂ ਨੂੰ ਬਿਹਤਰ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹਸਪਤਾਲ ਵਿੱਚ ਸਫ਼ਾਈ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਪਖਾਨਿਆਂ, ਪੀਣ ਵਾਲੇ ਪਾਣੀ ਅਤੇ ਮਰੀਜ਼ਾਂ ਲਈ ਉਪਲਬਧ ਹੋਰ ਬੁਨਿਆਦੀ ਸਹੂਲਤਾਂ ਨੂੰ ਸੁਚੱਜਾ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇ।

