ਪੱਤਰ ਪ੍ਰੇਰਕ
ਫਰੀਦਾਬਾਦ, 20 ਅਕਤੂਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਗਲੇ ਦਿਨਾਂ ਵਿੱਚ ਹੋਣ ਵਾਲੇ ਫਰੀਦਾਬਾਦ ਦੌਰੇ ਸਬੰਧੀ ਅੱਜ ਇੱਥੇ ਡਿਪਟੀ ਕਮਿਸ਼ਨਰ ਵਿਕਰਮ ਸਿੰਘ ਵੱਲੋਂ ਆਪਣੇ ਕੈਂਪ ਦਫ਼ਤਰ ਵਿੱਚ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪ੍ਰਸ਼ਾਸਨ, ਪੁਲੀਸ, ਐੱਮਸੀਐੱਫ ਤੇ ਐੱਫਐੱਮਡੀਏ ਸਮੇਤ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਜਿਸ ਅਧਿਕਾਰੀ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਸਬੰਧੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਜ਼ਿੰਮੇਵਾਰੀ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰਨਾ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਦੀ ਆਮਦ ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ 20 ਅਕਤੂਬਰ ਤੋਂ 30 ਅਕਤੂਬਰ ਤੱਕ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ’ਤੇ ਹਾਜ਼ਰ ਹੋਣ ਲਈ ਤਿਆਰ ਸਨ।
ਮੀਟਿੰਗ ਤੋਂ ਬਾਅਦ ਡੀਸੀ ਨੇ ਵੀਆਈਪੀ ਰੂਟ, ਵੀਵੀਆਈਪੀ ਰੂਟ, ਕਿਊਆਰਜੀ ਹਸਪਤਾਲ, ਪੁਰਾਣਾ ਫਰੀਦਾਬਾਦ ਚੌਕ, ਸੈਕਟਰ-14, ਸੈਕਟਰ-17 ਰੋਡ ’ਤੇ ਸਾਰੀਆਂ ਥਾਵਾਂ ਦਾ ਮੁਆਇਨਾ ਕੀਤਾ ਅਤੇ ਉੱਥੋਂ ਦੀ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਹੈਲੀਪੈਡ ਰੈਲੀ ਵਾਲੀ ਥਾਂ, ਮੁੱਖ ਸਟੇਜ, ਵੀਆਈਪੀ ਸਟੇਜ, ਪ੍ਰੈੱਸ ਗੈਲਰੀ, ਇਲੈਕਟ੍ਰੌਨਿਕ ਮੀਡੀਆ ਕਵਰੇਜ ਵਾਲੀ ਥਾਂ ਅਤੇ ਪਤਵੰਤਿਆਂ ਤੇ ਆਮ ਲੋਕਾਂ ਦੇ ਬੈਠਣ ਵਾਲੀਆਂ ਥਾਵਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਏਡੀਸੀ ਅਪਰਾਜਿਤਾ, ਡੀਸੀਪੀ (ਹੈੱਡਕੁਆਰਟਰ) ਮੁਕੇਸ਼ ਮਲਹੋਤਰਾ, ਐੱਸਡੀਐੱਮ ਪਰਮਜੀਤ ਚਾਹਲ, ਏਸੀਪੀ ਦੇਵੇਂਦਰ ਸਿੰਘ, ਐੱਫਐੱਮਡੀਏ, ਐੱਮਸੀਐੱਫ ਇੰਜਨੀਅਰਿੰਗ ਦੇ ਅਧਿਕਾਰੀ ਉਨ੍ਹਾਂ ਦੇ ਨਾਲ ਸਨ।