ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ
ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਨੇ ਅੱਜ ਮੁਕੰਦ ਲਾਲ ਸਿਵਲ ਹਸਪਤਾਲ ਦਾ ਅਚਾਨਕ ਨਿਰੀਖਣ ਕੀਤਾ। ਵਿਧਾਇਕ ਦੇ ਅਚਾਨਕ ਪਹੁੰਚਣ ਨਾਲ ਹਸਪਤਾਲ ਪ੍ਰਸ਼ਾਸਨ ਅਤੇ ਸਟਾਫ ਵਿੱਚ ਹੜਕੰਪ ਮਚ ਗਿਆ। ਨਿਰੀਖਣ ਦੌਰਾਨ, ਵਿਧਾਇਕ ਨੇ ਪਹਿਲਾਂ ਸਟਾਫ ਹਾਜ਼ਰੀ ਰਜਿਸਟਰਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਕਈ ਸਟਾਫ ਗੈਰਹਾਜ਼ਰ ਪਾਏ, ਆਪਣੀ ਨਾਰਾਜ਼ਗੀ ਪ੍ਰਗਟ ਕਰਦਿਆਂ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਸਟਾਫ ਨੂੰ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਨਿਰੀਖਣ ਦੌਰਾਨ, ਉਨ੍ਹਾਂ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਹਸਪਤਾਲ ਵਿੱਚ ਉਪਲਬਧ ਸਹੂਲਤਾਂ ਅਤੇ ਇਲਾਜ ਦੀ ਗੁਣਵੱਤਾ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਇਕੱਠੀ ਕੀਤੀ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਰੀਜ਼ਾਂ ਨੂੰ ਸਰਕਾਰੀ ਸਕੀਮਾਂ ਅਤੇ ਸਹੂਲਤਾਂ ਦਾ ਲਾਭ ਸਮੇਂ ਸਿਰ ਮਿਲਣਾ ਚਾਹੀਦਾ ਹੈ। ਵਿਧਾਇਕ ਨੇ ਹਸਪਤਾਲ ਦੇ ਅਹਾਤੇ ਅਤੇ ਵਾਰਡਾਂ ਵਿੱਚ ਗੰਦਗੀ ’ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ’ਤੇ ਹਦਾਇਤ ਕੀਤੀ ਕਿ ਸਫ਼ਾਈ ਪ੍ਰਣਾਲੀ ਨੂੰ ਤੁਰੰਤ ਬਿਹਤਰ ਬਣਾਇਆ ਜਾਵੇ ਤਾਂ ਜੋ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਵਾਈਆਂ ਅਤੇ ਜਾਂਚ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ ਬਾਰੇ ਕਿਹਾ। ਵਿਧਾਇਕ ਅਰੋੜਾ ਨੇ ਸਪੱਸ਼ਟ ਕੀਤਾ ਕਿ ਸਰਕਾਰ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।