ਨਿੱਜੀ ਪੱਤਰ ਪ੍ਰੇਰਕ
ਸਿਰਸਾ, 19 ਸਤੰਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 27 ਸਤੰਬਰ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਜਿਥੇ ਪਿੰਡ-ਪਿੰਡ ਜਲਸੇ ਤੇ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਉਥੇ ਹੀ ਮਜ਼ਦੂਰ ਜਥੇਬੰਦੀਆਂ ਵੱਲੋਂ ਵੀ ਬੰਦ ਵਿੱਚ ਸ਼ਾਮਲ ਹੋਣ ਦੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਵਿੱਚ ਸੂਬੇ ਦੀ ਭਵਨ ਨਿਰਮਾਣ ਮਜ਼ਦੂਰ ਯੂਨੀਅਨ ਨੇ ਭਾਰਤ ਬੰਦ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਭਵਨ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਸੁਖਬੀਰ ਸਿੰਘ ਨੇ ਭਵਨ ਨਿਰਮਾਣ ਮਜ਼ਦੂਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਜਿਥੇ ਤਿੰਨ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ ਉਥੇ ਹੀ ਕਿਰਤ ਕਾਨੂੰਨਾਂ ਵਿੱਚ ਤਾਬਦੀਲੀ ਕਰਕੇ ਪੂੰਜੀਪਤੀਆਂ ਤੇ ਕਾਰਪੋਰੇਟ ਘੇਰਾਣਿਆਂ ਨੂੰ ਮਜ਼ਦੂਰਾਂ ਦੀ ਕਿਰਤ ਲੁੱਟਣ ਲਈ ਖੁੱਲ੍ਹਾ ਛੱਡ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਕਈ ਮੰਗਾਂ ’ਤੇ ਉਪ ਮੁੱਖ ਮੰਤਰੀ ਨਾਲ ਹੋਈਆਂ ਮੀਟਿੰਗਾਂ ਵਿੱਚ ਬਣੀ ਸਹਿਮਤੀ ਦੇ ਬਾਵਜੂਦ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਇਸ ਲਈ ਮਜ਼ਦੂਰ ਭਾਰਤ ਬੰਦ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ’ਤੇ ਹਰਬੰਸ, ਰਾਜਵਿੰਦਰ ਸੁਖੇਰਾਖੇੜਾ, ਰਾਜੂ, ਰਾਮੇਸ਼ ਮਿਸਤਰੀ ਮੌਜਗੜ੍ਹ, ਪਾਲ ਰਾਮ ਚੱਕਜਾਲੂ, ਕ੍ਰਿਸ਼ਨ ਜੰਡਵਾਲਾ ਬਿਸ਼ਨੋਈਆਂ ਆਦਿ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਉਧਰ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਪਿੰਡ-ਪਿੰਡ ਜਲਸੇ ਤੇ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
ਬਰਨਾਲਾ ਕਾਨਫ਼ਰੰਸ ਵਿੱਚ ਸ਼ਾਮਲ ਹੋਣ ਦਾ ਸੱਦਾ
ਭੁੱਚੋ ਮੰਡੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਨਥਾਣਾ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਬੈਸਟ ਪ੍ਰਾਈਸ ਮਾਲ ਅੱਗੇ 354 ਦਿਨਾਂ ਤੋਂ ਚੱਲ ਰਿਹਾ ਮੋਰਚਾ ਅੱਜ ਵੀ ਜਾਰੀ ਰਿਹਾ। ਕਿਸਾਨਾਂ ਅਤੇ ਬੀਬੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਿੱਕਰ ਸਿੰਘ ਪੂਹਲਾ, ਜਸਪ੍ਰੀਤ ਸਿੰਘ, ਗੁਰਦੇਵ ਸਿੰਘ ਤੁੰਗਵਾਲੀ, ਗੁਰਮੇਲ ਸਿੰਘ ਭੁੱਚੋ ਅਤੇ ਸੁਖਦੇਵ ਸਿੰਘ ਭੈਣੀ ਨੇ 24 ਅਤੇ 25 ਸਤੰਬਰ ਦੇ ਮੋਟਰਸਾਈਕਲ ਮਾਰਚ, 27 ਸਤੰਬਰ ਦੇ ਬੰਦ ਤੇ ਜਾਮ ਅਤੇ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨਾਲ ਸਬੰਧਤ ਬਰਨਾਲਾ ਕਾਨਫ਼ਰੰਸ ਵਿੱਚ ਵੱਡੀ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਬੀਬੀਆਂ ਹਾਜ਼ਰ ਸਨ।