ਆਤਿਸ਼ ਗੁਪਤਾ
ਚੰਡੀਗੜ੍ਹ, 8 ਅਗਸਤ
ਹਰਿਆਣਾ ਵਿਧਾਨ ਸਭਾ ਦੇ ਤਿੰਨ ਰੋਜ਼ਾ ਮੌਨਸੂਨ ਸੈਸ਼ਨ ਸ਼ੁਰੂ ਹੋ ਗਿਆ। ਇਸ ਵਾਰ ਪਹਿਲੀ ਵਾਰ ਹਰਿਆਣਾ ਵਿਧਾਨ ਸਭਾ ਦੀ ਸਾਰੀ ਕਾਰਵਾਈ ਨੂੰ ਈ-ਵਿਧਾਨ ਸਭਾ ਵਜੋਂ ਵਿਕਸਿਤ ਕੀਤਾ ਗਿਆ ਹੈ। ਸਾਰੇ ਵਿਧਾਇਕ ਨੇ ਟੈਬਲੇਟ ’ਤੇ ਕੰਮ ਕੀਤੇ। ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਹੀ ਵਿਰੋਧੀ ਧਿਰ ਕਾਂਗਰਸ ਵੱਲੋਂ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ, ਖਣਨ ਅਤੇ ਹੋਰਨਾਂ ਮੁੱਦਿਆ ’ਤੇ ਸੂਬਾ ਸਰਕਾਰ ਨੂੰ ਘੇਰਿਆ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਕਾਂਗਰਸ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਸਣੇ 18 ਵਿਧਾਇਕਾਂ ਨੇ ਸੂਬੇ ਦੇ ਕੁਝ ਵਿਧਾਇਕਾਂ ਨੂੰ ਮਿਲ ਰਹੀਆਂ ਧਮਕੀਆਂ ਅਤੇ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਬਹਿਸ ਕਰਵਾਉਣ ਦੀ ਮੰਗ ਕੀਤੀ। ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੇ ਬਹਿਸ ਦੀ ਇਜਾਜ਼ਤ ਨਾ ਦਿੱਤੀ, ਜਿਸ ਤੋਂ ਨਾਰਾਜ਼ ਹੋ ਕੇ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਤੋਂ ਵਾਕਆਊਟ ਕੀਤਾ।
ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਰਘੁਵੀਰ ਸਿੰਘ ਕਾਦੀਆਂ ਨੇ ਕਿਹਾ ਕਿ ਸੂਬੇ ਵਿੱਚ ਕਤਲ ਅਤੇ ਜਬਰ-ਜਨਾਹ ਦੀਆਂ ਘਟਨਾਵਾਂ ਵਧ ਰਹੀਆਂ ਹਨ। ਇਸ ਮੁੱਦੇ ’ਤੇ ਸਾਰਿਆਂ ਨੂੰ ਵਿਚਾਰ ਰੱਖਣ ਦੀ ਇਜ਼ਾਜਤ ਦੇਣੀ ਚਾਹੀਦੀ ਹੈ। ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਸਾਲ 2005 ਤੋਂ 2014 ਤੱਕ ਕਤਲ, ਅਗਵਾ ਅਤੇ ਡਕੈਤੀ ਦੀਆਂ ਘਟਨਾਵਾਂ ਮੌਜੂਦਾ ਸਮੇਂ ਨਾਲੋਂ ਵੱਧ ਸਨ। ਇਸ ਟਿੱਪਣੀ ’ਤੇ ਕਾਂਗਰਸੀ ਵਿਧਾਇਕਾਂ ਨੇ ਇਤਰਾਜ਼ ਜ਼ਾਹਿਰ ਕਰਦਿਆਂ ਮੁੜ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ। ਕੁਝ ਸਮਾਂ ਬਾਅਦ ਕਾਂਗਰਸੀ ਵਿਧਾਇਕ ਮੁੜ ਵਿਧਾਨ ਸਭਾ ਵਿੱਚ ਵਾਪਸ ਪਰਤ ਆਏ। ਪ੍ਰਸ਼ਨ ਕਾਲ ਵਿੱਚ ਬਰਸਾਤੀ ਪਾਣੀ ਦਾ ਨਿਕਾਸ ਅਤੇ ਸੂਬੇ ’ਚ ਖਸਤਾ ਹਾਲ ਸੜਕਾਂ ਦੇ ਮੁੱਦੇ ’ਤੇ ਕਾਫ਼ੀ ਹੰਗਾਮਾ ਹੋਇਆ। ਹਰਿਆਣਾ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਦੁਪਹਿਰ ਦੋ ਵਜੇ ਹੋਈ। ਉਸ ਤੋਂ ਪਹਿਲਾਂ ਸਵੇਰੇ 11.30 ਵਜੇ ਸਾਰੇ ਵਿਧਾਇਕਾਂ ਨੂੰ ਸੱਦ ਕੇ ਈ-ਵਿਧਾਨ ਸਭਾ ਬਾਰੇ ਜਾਣੂ ਕਰਵਾਇਆ ਗਿਆ। ਈ-ਵਿਧਾਨ ਸਭਾ ਦਾ ਉਦਘਾਟਨ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤਾ। ਸੈਸ਼ਨ ਦੇ ਸ਼ੁਰੂ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਅਤੇ ਸਪੀਕਰ ਸਣੇ ਸਾਰੇ ਵਿਧਾਇਕਾਂ ਨੇ ਵਿਛੜੀਆਂ ਰੂਹਾਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।