ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਅਗਸਤ
ਹਰਿਆਣਾ ਵਿਧਾਨ ਸਭਾ ਦਾ ਤਿੰਨ ਰੋਜ਼ਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਮੌਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਦੇ ਵਿਧਾਇਕਾਂ ਨੇ ਸੂਬਾ ਸਰਕਾਰ ਨੂੰ ਹੜ੍ਹਾਂ ਕਾਰਨ ਨੁਕਸਾਨ ਤੇ ਨੂਹ ਹਿੰਸਾ ਸਬੰਧੀ ਘੇਰਿਆ। ਸੂਬੇ ਵਿੱਚ ਜੁਲਾਈ ਦੌਰਾਨ ਆਏ ਹੜ੍ਹਾਂ ਕਾਰਨ 6.48 ਲੱਖ ਏਕੜ ਫ਼ਸਲ ਪ੍ਰਭਾਵਿਤ ਹੋਈ ਹੈ। ਇਸ ਨੁਕਸਾਨ ਲਈ ਸੂਬੇ ਦੇ 1,33,625 ਕਿਸਾਨਾਂ ਨੇ ਈ-ਸ਼ਤੀਪੂਰਤੀ ਪੋਰਟਲ ’ਤੇ ਮੁਆਵਜ਼ੇ ਲਈ ਅਰਜ਼ੀਆਂ ਦਿੱਤੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵਿਧਾਇਕ ਅਭੈ ਸਿੰਘ ਚੌਟਾਲਾ ਵੱਲੋਂ ਸੂਬੇ ’ਚ ਹੜ੍ਹਾਂ ਕਰ ਕੇ ਫਸਲਾਂ ਦੇ ਨੁਕਸਾਨ ਤੇ ਮੁਆਵਜ਼ਾ ਜਾਰੀ ਕਰਨ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ। ਉਪ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਰਜ਼ੀਆਂ ਦੇ ਆਧਾਰ ’ਤੇ ਪਟਵਾਰੀ, ਕਾਨੂੰਗੋ ਤੇ ਹੋਰਨਾਂ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਮੁਆਵਜ਼ਾ ਜਾਰੀ ਕੀਤਾ ਜਾਵੇਗਾ।
ਵਿਧਾਨ ਸਭਾ ਸੈਸ਼ਨ ਦੇ ਸਿਫਰ ਕਾਲ ਵਿੱਚ ਹਲਕਾ ਰਿਵਾੜੀ ਤੋਂ ਕਾਂਗਰਸੀ ਵਿਧਾਇਕ ਚਿਰਨਜੀਵ ਰਾਓ ਨੇ ਨੂਹ ਤੇ ਮੇਵਾਤ ’ਚ ਹੋਈਆਂ ਹਿੰਸਕ ਘਟਨਾਵਾਂ ਬਾਰੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਅਧਿਕਾਰੀਆਂ ਦੀ ਸ਼ਨਾਖਤ ਕਰ ਕੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।
ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਣੇ ਹੋਰਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਹੋਰਾਂ ਨੂੰ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਇਸਰੋ ਦੇ ਵਿਗਿਆਨੀਆਂ ਨੂੰ ਵਧਾਈ ਦਿੱਤੀ, ਜਿਸ ਦਾ ਕਾਂਗਰਸ ਨੇ ਵੀ ਸਮਰਥਨ ਕੀਤਾ।
ਪੁਲੀਸ ਨੇ ਵਿਧਾਨ ਸਭਾ ਦਾ ਘਿਰਾਓ ਕਰਨ ਜਾਂਦੇ ‘ਆਪ’ ਆਗੂ ਹਿਰਾਸਤ ’ਚ ਲਏ
ਆਮ ਆਦਮੀ ਪਾਰਟੀ (ਆਪ) ਯੂਥ ਵਿੰਗ ਤੇ ਸੀਵਾਈਐੱਸਐੱਸ ਦੇ ਆਗੂਆਂ ਨੇ ਸੀਈਟੀ ਦੀ ਪ੍ਰੀਖਿਆ ਰੱਦ ਕਰਨ ਦੇ ਮੁੱਦੇ ’ਤੇ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਆਪ’ ਆਗੂ ਸੈਕਟਰ-9 ਤੋਂ ਇਕੱਠੇ ਹੋ ਕੇ ਵਿਧਾਨ ਸਭਾ ਵੱਲ ਵਧੇ ਤਾਂ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ‘ਆਪ’ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਡਾ. ਮਨੀਸ਼ ਯਾਦਵ ਨੇ ਕਿਹਾ ਕਿ ਸੀਈਟੀ ਦੀ ਪ੍ਰੀਖਿਆ ਸਬੰਧੀ ਵਿਧਾਨ ਸਭਾ ’ਚ ਚਰਚਾ ਹੋਣੀ ਚਾਹੀਦੀ ਹੈ।
ਚੰਡੀਗੜ੍ਹ ਵਿੱਚ ਮੌਨਸੂਨ ਸੈਸ਼ਨ ਦੌਰਾਨ ਸੰਬੋਧਨ ਕਰਦੇ ਹੋਏ ਮਨੋਹਰ ਲਾਲ। -ਫੋਟੋ: ਰਵੀ ਕੁਮਾਰ