Nayab Saini meets PM Modi: ਨਾਇਬ ਸੈਣੀ ਨੇ ਦਿੱਲੀ ’ਚ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
Nayab Saini meets PM Modi:
ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ ’ਤੇ ਦਿੱਤੀ ਵਧਾਈ; ਹਰਿਆਣਾ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਵੀ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 27 ਫਰਵਰੀ
Nayab Saini meets PM Modi: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਦਿੱਲੀ ਵਾਸੀਆਂ ਨੂੰ ਵੀ ਕੇਂਦਰ ਦੀ ਹਰ ਯੋਜਨਾ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨ ਨਾਲ ਦਿੱਲੀ ਦੇ ਵਿਕਾਸ ਦੀ ਰਫ਼ਤਾਰ ਦੁੱਗਣੀ ਹੋ ਜਾਵੇਗੀ।
ਸਰਕਾਰੀ ਬੁਲਾਰੇ ਅਨੁਸਾਰ ਇਹ ਮੁਲਾਕਾਤ ਕਰੀਬ 30 ਮਿੰਟ ਤੱਕ ਚੱਲੀ।
ਇਸੇ ਦੌਰਾਨ ਸ੍ਰੀ ਸੈਣੀ ਵੱਲੋਂ ਪ੍ਰਧਾਨ ਮੰਤਰੀ ਨਾਲ ਹਰਿਆਣਾ ਦੇ ਵਿਕਾਸ ਦੀ ਸਮੀਖਿਆ ਕੀਤੀ ਗਈ। ਵਿਚਾਰ ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਹਰਿਆਣਾ ਦੇ ਬੁਨਿਆਦੀ ਵਿਕਾਸ ਅਤੇ ਭਵਿੱਖ ਦੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਹਰਿਆਣਾ ਸਰਕਾਰ ਵੱਲੋਂ ਕਈ ਅਹਿਮ ਪ੍ਰਾਜੈਕਟਾਂ ਉਪਰ ਕੰਮ ਕੀਤਾ ਜਾ ਰਿਹਾ ਹੈ ਜੋ ਕੇਂਦਰ ਸਰਕਾਰ ਦੀ ਮਦਦ ਨਾਲ ਕੀਤੇ ਜਾ ਰਹੇ ਹਨ।
ਦਿੱਲੀ ਐਨਸੀਆਰ ਵਿੱਚ ਹਰਿਆਣਾ ਦੇ ਕਈ ਜ਼ਿਲ੍ਹੇ ਆਉਂਦੇ ਹਨ ਅਤੇ ਕੇਂਦਰ ਸਰਕਾਰ ਦੀਆਂ ਕਈ ਯੋਜਨਾਵਾਂ ਇੱਥੇ ਚੱਲ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਵਿੱਚ ਚਲਾਏ ਜਾ ਰਹੇ ਇਨ੍ਹਾਂ ਪ੍ਰੋਜੈਕਟਾਂ ਅਤੇ ਕੇਂਦਰੀ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਰਿਪੋਰਟ ਵੀ ਲਈ।
ਦੋਵਾਂ ਆਗੂਆਂ ਵੱਲੋਂ ਭਵਿੱਖ ਵਿੱਚ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਹਰਿਆਣਾ ਦੇ ਟਿਕਾਊ ਵਿਕਾਸ ਅਤੇ ਵਿਕਸਤ ਭਾਰਤ 2047 ਦੇ ਸੰਕਲਪ ਵਿੱਚ ਹਰਿਆਣਾ ਦੀ ਭਾਗੀਦਾਰੀ ਬਾਰੇ ਵੀ ਚਰਚਾ ਕੀਤੀ ਗਈ।
ਉਨ੍ਹਾਂ ਪ੍ਰਧਾਨ ਮੰਤਰੀ ਨਾਲ ਆਗਾਮੀ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਵਿਚਾਰ ਵਟਾਂਦਰਾ ਕੀਤਾ ਅਤੇ ਸ੍ਰੀ ਮੋਦੀ ਤੋਂ ਮਹੱਤਵਪੂਰਨ ਮਾਰਗਦਰਸ਼ਨ ਪ੍ਰਾਪਤ ਕੀਤਾ। ਇਸੇ ਦੌਰਾਨ ਸੈਣੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਹਰਿਆਣਾ ਨੂੰ ਹੋਰ ਵਿਕਸਤ ਕਰਨ ਲਈ ਕੰਮ ਕੀਤਾ ਜਾਵੇਗਾ।