Nayab Singh Saini ਵੱਲੋਂ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
ਭਾਜਪਾ ਆਗੂਆਂ ਦੀਆਂ ਡਿਊਟੀਆਂ ਲਾਈਆਂ; 17 ਨੂੰ ਜੀਂਦ ਪੁੱਜਣਗੇ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 17 ਜੁਲਾਈ ਦੀ ਜੀਂਦ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਰੈਲੀ ਦੀਆਂ ਤਿਆਰੀਆਂ, ਪ੍ਰਬੰਧਾਂ, ਵਰਕਰਾਂ ਦੀਆਂ ਜ਼ਿੰਮੇਵਾਰੀਆਂ ਅਤੇ ਜਨ ਸੰਪਰਕ ਮੁਹਿੰਮ ਬਾਰੇ ਮੁੱਖ ਮੰਤਰੀ ਅਤੇ ਸੂਬਾ ਪ੍ਰਧਾਨ ਨੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪਦਿਆਂ ਕਿਹਾ ਕਿ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੀਂਦ ਫੇਰੀ ਨਾਲ ਹਰਿਆਣਾ ਦੇ ਵਿਕਾਸ ਦੀ ਦਿਸ਼ਾ ਵਿੱਚ ਇੱਕ ਨਵਾਂ ਅਧਿਆਇ ਜੁੜੇਗਾ । ਉਸ ਦਿਨ ਪ੍ਰਧਾਨ ਮੰਤਰੀ ਸੂਬਾ ਵਾਸੀਆਂ ਨੂੰ ਹਜ਼ਾਰਾਂ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ ਦੇਣਗੇ, ਜਿਸ ਨਾਲ ਹਰਿਆਣਾ ਦੇ ਬੁਨਿਆਦੀ ਢਾਂਚੇ, ਰੋਡਵੇਜ਼ ਅਤੇ ਹੋਰ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੇਗੀ। ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਦੇਸ਼ ਦੀ ਪਹਿਲੀ ਹਾਈਡ੍ਰੋਜਨ ਰੇਲ ਗੱਡੀ ਨੂੰ ਜੀਂਦ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕਰਨਾ ਹਰਿਆਣਾ ਸੂਬੇ ਲਈ ਮਾਣ ਵਾਲੀ ਗੱਲ ਹੈ। ਇਹ ਸਿਰਫ਼ ਸੂਬੇ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਆਧੁਨਿਕ ਅਤੇ ਵਾਤਾਵਰਣ ਪੱਖੋਂ ਅਨੁਕੂਲ ਆਵਾਜਾਈ ਪ੍ਰਬੰਧ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਉਣਾ ਸਾਰਿਆਂ ਦਾ ਫ਼ਰਜ਼ ਹੈ। ਇਸ ਲਈ ਸਾਰੇ ਅਹੁਦੇਦਾਰ ਆਪਣੀਆਂ-ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਵਿੱਚ ਜੁਟ ਜਾਣ। ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਜੇ ਭਾਟੀਆ, ਸੂਬੇ ਮਹਾਂ ਮੰਤਰੀ ਸਤੀਸ਼ ਪੁਨੀਆ, ਵਿਧਾਨ ਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਮਿੱਢਾ, ਸਾਬਕਾ ਸੂਬਾ ਪ੍ਰਧਾਨ ਮੋਹਨ ਲਾਲ ਬੜੋਲੀ, ਸੰਗਠਨ ਮੰਤਰੀ ਫਨਿੰਦਰਨਾਥ ਸ਼ਰਮਾ, ਮੰਤਰੀ ਰਣਵੀਰ ਗੰਗਵਾ, ਮੰਤਰੀ ਕ੍ਰਿਸ਼ਨ ਪਵਾਰ, ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਸੁਭਾਸ਼ ਬਰਾਲਾ, ਵਿਧਾਇਕ ਰਾਮ ਕੁਮਾਰ ਗੌਤਮ ਆਦਿ ਹਾਜ਼ਰ ਸਨ।
ਭਾਜਪਾ ਵਰਕਰਾਂ ਦੀ ਮੀਟਿੰਗ
ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਭਾਜਪਾ ਬਾਬੈਨ ਮੰਡਲ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 17 ਜੁਲਾਈ ਨੂੰ ਹਰਿਆਣਾ ਫੇਰੀ ਨੂੰ ਇਤਿਹਾਸਕ ਬਣਾਉਣ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਮੰਡਲ ਪ੍ਰਧਾਨ ਵਿਕਾਸ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਵਰਕਰਾਂ ਦੀ ਮੀਟਿੰਗ ਹੋਈ। ਉਨ੍ਹਾਂ ਨੇ ਹਰੇਕ ਵਰਕਰ ਨੂੰ ਆਪਣੇ-ਆਪਣੇ ਬੂਥ ਖੇਤਰਾਂ ਵਿੱਚ ਸਰਗਰਮ ਰਹਿਣ, ਪਾਰਟੀ ਨੂੰ ਮਜ਼ਬੂਤ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਹਰ ਘਰ ਪਹੁੰਚਾਉਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ।

