ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 28 ਜੂਨ
ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਰਤ ਦੀ ਨੀਤੀ ਵਿੱਚ ਲੰਬੇ ਸਮੇਂ ਤੋਂ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਭਾਰਤ ਦੇ ਵਿਕਾਸ ਲਈ ਸਿੱਖਿਆ ਨੀਤੀ ਵਿੱਚ ਬਦਲਾਅ ਲਿਆਉਣਾ ਬਹੁਤ ਜ਼ਰੂਰੀ ਸੀ। ਇਸ ਲਈ ਕੇਂਦਰ ਦੀ ਭਾਜਪਾ ਸਰਕਾਰ ਨੇ ਸਾਲ 2022 ਵਿੱਚ ਨਵੀਂ ਸਿੱਖਿਆ ਨੀਤੀ ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ ਬਹੁਤ ਸਾਰੇ ਖੇਤਰਾਂ ਵਿੱਚ ਛੋਟ ਅਤੇ ਜ਼ਿਆਦਾ ਲਾਭ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਨਾਲ ਵਿਦਿਆਰਥੀਆਂ ’ਤੇ ਪੜ੍ਹਾਈ ਦਾ ਭਾਰ ਘਟੇਗਾ ਅਤੇ ਰੱਟਾ ਮਾਰ ਪੜ੍ਹਾਈ ਨਾ ਕਰ ਕੇ ਕੁਝ ਸਿੱਖਣ ਯੋਗ ਪੜ੍ਹਾਈ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮਗਰੋਂ ਨੌਜਵਾਨ ਦੇਸ਼ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਣਗੇ।
ਸੰਸਦ ਮੈਂਬਰ ਨਾਇਬ ਸਿੰਘ ਸੈਣੀ ਅੱਜ ਕੇਂਦਰੀ ਵਿਦਿਆਲਾ ਮਥਾਣਾ ਦਾ ਦੌਰਾ ਕਰਨ ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਵਿਚ ਵੀ ਭਾਗ ਲੈਣਾ ਚਾਹੀਦਾ ਹੈ। ਇਸ ਨਾਲ ਉਨ੍ਹਾਂ ਦਾ ਸੋਚਣ ਅਤੇ ਸਮਝਣ ਦਾ ਦਾਇਰਾ ਵਧਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਕਾਸ ਦੇ ਨਾਲ-ਨਾਲ ਮਾਨਸਿਕ ਵਿਕਾਸ ਵੀ ਵਿਦਿਆਰਥੀਆਂ ਲਈ ਬਹੁਤ ਜ਼ਰੂਰੀ ਹੈ। ਇਸ ਲਈ ਉਨ੍ਹਾਂ ਨੂੰ ਖੇਡ ਮੁਕਾਬਲਿਆਂ ਵਿਚ ਵੀ ਹਿੱਸਾ ਲੈਣਾ ਚਾਹੀਦਾ ਹੈ।