ਆਤਿਸ਼ ਗੁਪਤਾ
ਚੰਡੀਗੜ੍ਹ, 4 ਅਗਸਤ
ਹਰਿਆਣਾ ਦੇ ਗ੍ਰਹਿ ਮੰਤਰੀ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਦਿੱਤੀ ਧਮਕੀ ਦੇ ਜਵਾਬ ’ਚ ਕਿਹਾ ਕਿ ਕਿਸੇ ਵਿੱਚ ਹਿੰਮਤ ਨਹੀਂ ਜੋ ਤਿਰੰਗਾ ਲਹਿਰਾਉਣ ਤੋਂ ਰੋਕ ਸਕੇ। ਉਨ੍ਹਾਂ ਕਿਹਾ ਕਿ ਤਿਰੰਗਾ ਝੰਡਾ ਲਹਿਰਾਉਣ ਲਈ ਦੇਸ਼ ਨੇ ਕਈ ਸੰਘਰਸ਼ ਕੀਤੇ ਹਨ। ਵੱਡੀ ਗਿਣਤੀ ਵਿੱਚ ਲੋਕਾਂ ਨੇ ਕੁਰਬਾਨੀਆਂ ਦਿੱਤੀਆਂ ਅਤੇ ਅੰਡੇਮਾਨ-ਨਿਕੋਬਾਰ ਦੀਆਂ ਜੇਲ੍ਹਾਂ ਵਿੱਚ ਬੰਦ ਰਹੇ ਹਨ। ਸ੍ਰੀ ਵਿੱਜ ਨੇ ਇੱਕ ਸਵਾਲ ਦੇ ਜਵਾਬ ’ਚ ਕਿਹਾ ਕਿ ਵਿਰੋਧੀ ਧਿਰ ਦਾ ਮੁੱਖ ਕੰਮ ਸੰਸਦ ਵਿੱਚ ਲੋਕ ਮੁੱਦਿਆਂ ਨੂੰ ਚੁੱਕਣਾ ਹੁੰਦਾ ਹੈ ਪਰ ਰਾਜ ਸਭਾ ਵਿੱਚ ਬੈਠੇ ਵਿਰੋਧੀ ਪਾਰਟੀਆਂ ਦੇ ਆਗੂ ਲੋਕ ਮੁੱਦਿਆਂ ਨੂੰ ਚੁੱਕਣ ਦੀ ਥਾਂ ਸਦਨ ਦੀ ਕਾਰਵਾਈ ’ਚ ਰੁਕਾਵਟ ਖੜ੍ਹੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਕਰਕੇ ਇਹ ਹੁੰਦਾ ਹੈ ਕਿ ਵਿਰੋਧੀ ਧਿਰ ਚਰਚਾ ਕਰਨਾ ਚਾਹੁੰਦੀ ਹੈ ਅਤੇ ਸੱਤਾ ਧਿਰ ਭੱਜਦੀ ਹੈ, ਪਰ ਇਸ ਵਾਰ ਉਲਟਾ ਹੋ ਰਿਹਾ ਹੈ। ਸੱਤਾ ਧਿਰ ਚਰਚਾ ਕਰਨਾ ਚਾਹੁੰਦੀ ਹੈ ਅਤੇ ਵਿਰੋਧੀ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਰੋਧੀ ਧਿਰ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ। ਵਿਰੋਧੀ ਧਿਰ ਨੂੰ ਸਵਾਲ ਕਰਨੇ ਚਾਹੀਦੇ ਹਨ। ਗ੍ਰਹਿ ਮੰਤਰੀ ਨੇ ਟੋਕੀਓ ਓਲੰਪਿਕ ਵਿੱਚ ਵਧੀਆ ਪ੍ਰਦਰਸ਼ਨ ਕਰਨ ’ਤੇ ਹਰਿਆਣਾ ਦੇ ਖਿਡਾਰੀਆਂ ਦੀ ਸ਼ਲਾਘਾ ਵੀ ਕੀਤੀ।