ਭੁਪਿੰਦਰ ਪੰਨੀਵਾਲੀਆ
ਕਾਲਾਂਵਾਲੀ, 7 ਅਕਤੂਬਰ
ਏਲਨਾਬਾਦ ਦੀ ਜ਼ਿਮਨੀ ਚੋਣ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੂਬੇ ਦੀ ਗੱਠਜੋੜ ਸਰਕਾਰ ਨੂੰ ਸਿਫ਼ਰ ’ਤੇ ਲਿਆਉਣ ਲਈ ਕੰਮ ਕੀਤਾ ਜਾਵੇਗਾ ਤੇ ਕਿਸੇ ਪਾਰਟੀ ਨੂੰ ਸਮਰਥਨ ਨਹੀਂ ਦਿੱਤਾ ਜਾਵੇਗਾ। ਇਹ ਗੱਲ ਕਿਸਾਨ ਮੋਰਚੇ ਦੀ ਨੌਂ ਮੈਂਬਰੀ ਕਮੇਟੀ ਦੇ ਮੈਂਬਰ ਯੋਗੇਂਦਰ ਯਾਦਵ ਨੇ ਬੀਤੀ ਦੇਰ ਸ਼ਾਮ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਜੇਕਰ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਸਖ਼ਤ ਫੈ਼ਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਯੂਪੀ ਦੇ ਮੰਤਰੀ ਨੂੰ ਅਹੁਦੇ ਤੋਂ ਹਟਾਉਣ, ਉਸ ਦੇ ਬੇਟੇ ਦੀ ਗ੍ਰਿਫ਼ਤਾਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਅਸਤੀਫ਼ਾ ਮੰਗਿਆ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬੇ ਮੌਸਮੇ ਮੀਂਹ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਲਈ ਪੀੜਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ 12 ਅਕਤੂਬਰ ਨੂੰ ਕਮਿਸ਼ਨਰਾਂ ਦੇ ਘਰਾਂ ਦਾ ਘਿਰਾਓ ਕਰ ਕੇ ਮੰਗ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਾਂਗ ਕਿਸਾਨ ਮੋਰਚਾ ਏਲਨਾਬਾਦ ਜ਼ਿਮਨੀ ਚੋਣ ਵਿੱਚ ਕਿਸੇ ਪਾਰਟੀ ਦਾ ਸਰਮਥਨ ਨਹੀਂ ਕਰੇਗਾ।