ਸਤਪਾਲ ਰਾਮਗੜ੍ਹੀਆ
ਪਿਹੋਵਾ, 1 ਸਤੰਬਰ
ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਲਾਕੇ ਦੇ ਵੱਡੇ ਪਿੰਡਾਂ ਦੀ ਪਛਾਣ ਕੀਤੀ ਜਾ ਰਹੀ ਹੈ ਤਾਂ ਜੋ ਸ਼ਹਿਰਾਂ ਦੀ ਤਰਜ਼ ’ਤੇ ਇੱਥੇ ਸਿੱਖਿਆ ਅਤੇ ਸਿਹਤ ਸੇਵਾਵਾਂ ਦਾ ਵਿਸਥਾਰ ਕੀਤਾ ਜਾ ਸਕੇ। ਖੇਡ ਮੰਤਰੀ ਸੰਦੀਪ ਸਿੰਘ ਅੱਜ ਪਿੰਡ ਥਾਣਾ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਚੌਧਰੀ ਕੀਤਾਬ ਸਿੰਘ ਨੰਬਰਦਾਰ ਅਤੇ ਸਚਿਨ ਨੰਬਰਦਾਰ ਵੱਲੋਂ ਕਰਵਾਏ ਪ੍ਰੋਗਰਾਮ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਚਿਨ ਨੰਬਰਦਾਰ ਪਰਿਵਾਰ ਦੇ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਦੇ ਨਾਲ ਸੈਂਕੜੇ ਸਮਰਥਕਾਂ ਨੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ ਸਿੱਖਿਆ ਪ੍ਰਤੀ ਉਸਾਰੂ ਸੋਚ ਸਦਕਾ ਥਾਣਾ ਪਿੰਡ ਵਿੱਚ ਬਹੁਤ ਪਹਿਲਾਂ ਮਾਡਲ ਸੰਸਕ੍ਰਿਤੀ ਸਕੂਲ ਸ਼ੁਰੂ ਕੀਤਾ ਗਿਆ ਹੈ। ਪੰਚਾਇਤ ਵੱਲੋਂ ਪਿੰਡ ਵਿੱਚ ਕਮਿਊਨਿਟੀ ਹੈਲਥ ਸੈਂਟਰ ਦੇ ਵਿਸਤਾਰ ਦੀ ਤਜਵੀਜ਼ ਆਉਂਦੇ ਹੀ ਸਰਕਾਰ ਵੱਲੋਂ ਇਸ ਨੂੰ ਪੂਰਾ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਜੇ ਪਿੰਡ ਥਾਣਾ ਦੀ ਪੰਚਾਇਤ ਜ਼ਮੀਨ ਮੁਹੱਈਆ ਕਰਵਾ ਦੇਵੇ ਤਾਂ ਆਧੁਨਿਕ ਸਹੂਲਤਾਂ ਵਾਲਾ ਖੇਡ ਸਟੇਡੀਅਮ ਅਤੇ ਟਰੈਕ ਤਿਆਰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਮੀਨ ਮਿਲਣ ’ਤੇ ਇਹ ਕੰਮ ਤੁਰੰਤ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਨੇ ਦੋ ਸਤੰਬਰ ਨੂੰ ਕੈਥਲ ਦੀ ਅਨਾਜ ਮੰਡੀ ਵਿਚ ਹੋਣ ਵਾਲੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਰੈਲੀ ਲਈ ਵੀ ਪਿੰਡ ਵਾਸੀਆਂ ਨੂੰ ਸੱਦਾ ਦਿੱਤਾ। ਖੇਡ ਮੰਤਰੀ ਨੇ ਦੱਸਿਆ ਕਿ ਰੈਲੀ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਸਣੇ ਸਾਰੇ ਵੱਡੇ ਆਗੂ ਹਿੱਸਾ ਲੈਣਗੇ। ਸੂਬੇ ਦੇ ਸਿਆਸੀ ਸਮੀਕਰਨਾਂ ਮੁਤਾਬਕ ਇਹ ਰੈਲੀ ਬਹੁਤ ਅਹਿਮ ਹੋਵੇਗੀ।