ਪੱਤਰ ਪ੍ਰੇਰਕ
ਏਲਨਾਬਾਦ, 11 ਜੂਨ
ਇੱਥੋਂ ਦੇ ਪਿੰਡ ਮਿੱਠੀ ਸੁਰੇਰਾ ਕੋਲ ਹੋਏ ਸੜਕ ਹਾਦਸੇ ਵਿੱਚ ਇੱਕ ਜਣੇ ਦੀ ਮੌਤ ਹੋ ਗਈ ਜਦੋਂਕਿ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਕ੍ਰਿਸ਼ਨ ਕੁਮਾਰ ਵਾਸੀ ਬੇਹਰਵਾਲਾ ਖੁਰਦ ਅਤੇ ਰਣਜੀਤ ਸਿੰਘ ਵਾਸੀ ਮਿੱਠੀ ਸੁਰੇਰਾ ਮੋਟਰਸਾਈਕਲ ’ਤੇ ਏਲਨਾਬਾਦ ਆ ਰਹੇ ਸਨ। ਰਸਤੇ ਵਿੱਚ ਇੱਕ ਹੋਰ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਉਨ੍ਹਾਂ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਹਾਦਸੇ ਵਿੱਚ ਕ੍ਰਿਸ਼ਨ ਕੁਮਾਰ ਅਤੇ ਰਣਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਲੋਕਾਂ ਨੇ ਉਨ੍ਹਾਂ ਨੂੰ ਏਲਨਾਬਾਦ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਇੱਥੋਂ ਮੁੱਢਲੇ ਇਲਾਜ ਤੋਂ ਬਾਅਦ ਦੋਵਾਂ ਨੂੰ ਸਿਰਸਾ ਲਈ ਰੈਫਰ ਕਰ ਦਿੱਤਾ ਗਿਆ। ਸਿਰਸਾ ਵਿੱਚ ਇਲਾਜ ਦੌਰਾਨ ਰਣਜੀਤ ਸਿੰਘ ਦੀ ਮੌਤ ਹੋ ਗਈ। ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਸ਼ੁਰੂ ਕੀਤੀ ਹੈ।