ਆਤਿਸ਼ ਗੁਪਤਾ
ਚੰਡੀਗੜ੍ਹ, 8 ਮਈ
ਹਰਿਆਣਾ ਵਿੱਚ ਕਰੋਨਾ ਵਾਇਰਸ ਨੇ ਪੇਂਡੂ ਖੇਤਰਾਂ ਵਿੱਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਪੇਂਡੂ ਖੇਤਰਾਂ ਵਿੱਚ ਕਰੋਨਾ ਦੇ ਵਧਦੇ ਕੇਸਾਂ ਨੇ ਸੂਬਾ ਸਰਕਾਰ ਦੀਆਂ ਮੁਸ਼ਕਲਾਂ ਵੀ ਵਧਾ ਦਿੱਤੀਆਂ ਹਨ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੇਂਡੂ ਖੇਤਰ ਵਿੱਚ ਕਰੋਨਾ ਵਾਇਰਸ ਦੀ ਰੋਕਥਾਮ ਲਈ ਟੈਸਟਿੰਗ, ਟਰੈਕਿੰਗ ਅਤੇ ਟਰੀਟਮੈਂਟ ਦੀ ਰਣਨੀਤੀ ’ਤੇ ਕੰਮ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਪਿੰਡਾਂ ਦੇ ਘਰ-ਘਰ ਤੱਕ ਪਹੁੰਚ ਕੇ ਟੈਸਟਿੰਗ ਕੀਤੀ ਜਾਵੇ। ਇਸ ਲਈ 8 ਹਜ਼ਾਰ ਟੀਮਾਂ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਟੀਮਾਂ ਪਿੰਡਾਂ ਵਿੱਚ ਕੋਵਿਡ-19 ਜਾਂਚ ਲਈ ਡੋਰ-ਟੂ-ਡੋਰ ਸਕਰੀਨਿੰਗ ਕਰਨਗੀਆਂ।
ਸੂਬੇ ਵਿੱਚ ਕਰੋਨਾ ਵਾਇਰਸ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਟੈਸਟਿੰਗ ਸਹੂਲਤ ਵਧਾਉਣ ਲਈ ਕਲੀਨੀਕਲ ਮੈਨੇਜਮੈਂਟ ’ਤੇ ਧਿਆਨ ਕੇਂਦਰਿਤ ਕੀਤਾ ਜਾਵੇ। ਸ੍ਰੀ ਖੱਟਰ ਨੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਜਾਂਚ ਲਈ 8000 ਟੀਮਾਂ ਬਣਾਈਆਂ ਜਾ ਰਹੀਆਂ ਹਨ। ਉਸ ਵਿੱਚ ਟ੍ਰੇਨੀ ਡਾਕਟਰਾਂ ਦੀ ਅਗਵਾਈ ਹੇਠ ਸਿਹਤ ਵਿਭਾਗ, ਆਸ਼ਾ ਅਤੇ ਆਂਗਨਵਾੜੀ ਵਰਕਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਹ ਟੀਮਾਂ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਰਹਿੰਦੇ 60 ਲੱਖ ਲੋਕਾਂ ਦੇ ਘਰ ਜਾ ਕੇ ਹਰੇਕ ਜੀਅ ਦਾ ਆਕਸੀਜਨ ਅਤੇ ਤਾਪਮਾਨ ਰਿਕਾਰਡ ਕਰਨਗੀਆਂ।
ਪੱਤਰਕਾਰਾਂ ਦਾ ਵੀ ਹੋਵੇਗਾ ਟੀਕਾਕਰਨ
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੰਕਟ ਦੇ ਸਮੇਂ ਵਿੱਚ ਪੱਤਰਕਾਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਮੀਡੀਆ ਕਰਮਚਾਰੀਆਂ ਲਈ ਵਿਸ਼ੇਸ਼ ਤੌਰ ’ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੀਕਾਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪੱਧਰ ’ਤੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣਗੇ।
ਆਕਸੀਜਨ ਪਲਾਂਟਾਂ ਨੂੰ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ
ਪੰਚਕੂਲਾ (ਪੱਤਰ ਪ੍ਰੇਰਕ):ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਵੱਲੋਂ ਕਰੋਨਾ ਮਹਾਮਾਰੀ ਦੌਰਾਨ ਸਿਹਤ ਸੇਵਾਵਾਂ ਨਾਲ ਜੁੜੀਆਂ ਸਾਰੀਆਂ ਸੰਸਥਾਵਾਂ ਤੇ ਆਕਸੀਜਨ ਬਣਾਉਣ ਵਾਲੇ ਉਦਯੋਗਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਨਿਗਮ ਦੇ ਬੁਲਾਰੇ ਨੇ ਦੱਸਿਆ ਕਿ ਬਿਜਲੀ ਸਪਲਾਈ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਅਤੇ ਸਮੱਸਿਆ ਆਉਣ ਦੀ ਸਥਿਤੀ ਵਿੱਚ ਤੁਰੰਤ ਸਪਲਾਈ ਬਹਾਲੀ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਬਣਾਏ ਗਏ ਹਨ।