ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਬੇੜੇ ਦੇ ਹੁਕਮ
ਹੁਣ ਤੱਕ 3018 ਸ਼ਿਕਾਇਤਾਂ ਦਾ ਨਿਬੇਡ਼ਾ ਕਰਨ ਦਾ ਦਾਅਵਾ; ਬਾਕੀ ਰਹਿੰਦੇ 181 ਮਸਲੇ ਵੀ ਜਲਦ ਹੱਲ ਕਰਨ ਦੇ ਆਦੇਸ਼
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਗਰਿਕਾਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦਰਿਤ ਕਾਰਜ ਪ੍ਰਣਾਲੀ ਅਪਣਾਉਣ ’ਤੇ ਜ਼ੋਰ ਦਿੱਤਾ ਗਿਆ ਹੈ। ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਇਸ ਮਕਸਦ ਦੀ ਪ੍ਰਾਪਤੀ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਨੂੰ ਯਕੀਨੀ ਬਣਾਉਣ। ਇਹ ਵਿਚਾਰ ਸੀ ਟੀ ਐੱਮ ਗੌਰਵ ਗੁਪਤਾ ਨੇ ਲਘੂ ਸਕੱਤਰੇਤ ਵਿੱਚ ਸਥਿਤ ਨਗਰਾਧੀਸ਼ ਦਫ਼ਤਰ ਵਿੱਚ ਜਨ-ਸੰਵਾਦ ਨਾਲ ਸਬੰਧਤ ਬਕਾਇਆ ਸ਼ਿਕਾਇਤਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੇ ਕੀਤੇ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਾਜ਼ਰੀ ਭਰੀ ਅਤੇ ਆਪਣੇ ਵਿਭਾਗਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸੀ ਟੀ ਐੱਮ ਗੌਰਵ ਗੁਪਤਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਜਨਤਾ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰੀ ਤੰਤਰ ਦੀ ਜ਼ਿੰਮੇਵਾਰੀ ਹੈ। ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਮੀਖਿਆ ਮੀਟਿੰਗ ਵਿੱਚ ਦੱਸਿਆ ਗਿਆ ਕਿ ਪ੍ਰਾਪਤ ਹੋਈਆਂ ਕੁੱਲ ਸ਼ਿਕਾਇਤਾਂ ਵਿੱਚੋਂ ਹੁਣ ਤੱਕ 3018 ਸ਼ਿਕਾਇਤਾਂ ਦਾ ਸਫਲਤਾਪੂਰਵਕ ਨਿਬੇੜਾ ਕੀਤਾ ਜਾ ਚੁੱਕਾ ਹੈ, ਜਦਕਿ 181 ਸ਼ਿਕਾਇਤਾਂ ਹਾਲੇ ਬਕਾਇਆ ਹਨ। ਅਧਿਕਾਰੀਆਂ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਯਤਨ ਕਰ ਕੇ ਵੱਡੀ ਗਿਣਤੀ ਮਾਮਲਿਆਂ ਦਾ ਹੱਲ ਕੀਤਾ ਗਿਆ ਹੈ ਅਤੇ ਬਾਕੀ ਰਹਿ ਗਈਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਵੀ ਤੇਜ਼ੀ ਨਾਲ ਕਾਰਵਾਈ ਜਾਰੀ ਹੈ।
ਸੀ ਟੀ ਐੱਮ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਚਨਬੱਧ ਹੈ। ਜਨ-ਸੰਵਾਦ ਪ੍ਰੋਗਰਾਮ ਆਮ ਨਾਗਰਿਕਾਂ ਅਤੇ ਪ੍ਰਸ਼ਾਸਨ ਦਰਮਿਆਨ ਇੱਕ ਪ੍ਰਭਾਵਸ਼ਾਲੀ ਪੁਲ ਵਜੋਂ ਕੰਮ ਕਰ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ’ਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਦਾ ਮੌਕਾ ਮਿਲਦਾ ਹੈ, ਜਿਸ ਨਾਲ ਮਾਮਲਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਆਉਂਦੀ ਹੈ।
