ਆਤਿਸ਼ ਗੁਪਤਾ
ਚੰਡੀਗੜ੍ਹ, 29 ਦਸੰਬਰ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਕਿਸਾਨਾਂ ਨੇ ਹਰਿਆਣਾ ਦੇ ਪਿੰਡਾਂ ਵਿੱਚ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂਆਂ ਦੇ ਦਾਖ਼ਲੇ ’ਤੇ ਪਾਬੰਦੀ ਲਾਉਂਦਿਆਂ ‘ਜੋ ਕਿਸਾਨ ਕੇ ਸਾਥ ਖੜ੍ਹੇਗਾ, ਵੋ ਗਾਓਂ ਮੇਂ ਬੜੇਗਾ’ ਦੇ ਪੋਸਟਰ ਲਗਾ ਦਿੱਤੇ ਹਨ।
ਹਰਿਆਣਾ ਦੇ ਜ਼ਿਲ੍ਹਾ ਕਰਨਾਲ ਦੇ ਪਿੰਡ ਕਾਦਰਾਬਾਦ, ਫ਼ਤਿਹਾਬਾਦ ਦੇ ਪਿੰਡ ਤਲਵਾੜਾ ਸਣੇ ਸੂਬੇ ਦੇ ਵੱਡੀ ਗਿਣਤੀ ਪਿੰਡਾਂ ਵੱਲੋਂ ਪੋਸਟਰ ਲਗਾ ਕੇ ਭਾਜਪਾ ਅਤੇ ਜੇਜੇਪੀ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦਾ ਵਿਰੋਧ ਪਾਣੀਪਤ, ਸੋਨੀਪਤ, ਹਿਸਾਰ, ਸਿਰਸਾ ਅਤੇ ਅੰਬਾਲਾ ਵਿੱਚ ਵੀ ਦਿਖਾਈ ਦੇ ਰਿਹਾ ਹੈ। ਕਰਨਾਲ ਦੇ ਪਿੰਡ ਕਾਦਰਾਬਾਦ ਦੇ ਕਿਸਾਨ ਆਗੂ ਕੁਲਦੀਪ ਸਿੰਘ ਨੇ ਕਿਹਾ ਕਿ ਕੇਂਦਰ ਦੇ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਪਹਿਲਾਂ ਹਰਿਆਣਾ ਸਰਕਾਰ ਨੇ ਦਿੱਲੀ ਕੂਚ ਕਰ ਰਹੇ ਕਿਸਾਨਾਂ ’ਤੇ ਅੱਤਿਆਚਾਰ ਕੀਤਾ ਤੇ ਮਗਰੋਂ ਕਿਸਾਨਾਂ ਨੂੰ ਖਾਲਿਸਤਾਨੀ, ਅਤਿਵਾਦੀ ਤੇ ਮਾਓਵਾਦੀ ਕਹਿ ਕੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕ ਲਈ ਲੜਾਈ ਲੜ ਰਹੇ ਹਨ। ਇਸ ਲੜਾਈ ਵਿੱਚ ਜਿਹੜਾ ਆਗੂ ਕਿਸਾਨਾਂ ਦੇ ਨਾਲ ਖੜ੍ਹੇਗਾ, ਭਵਿੱਖ ਵਿੱਚ ਕਿਸਾਨ ਵੀ ਉਸੇ ਨਾਲ ਖੜ੍ਹੇ ਹੋਣਗੇ। ਕੁਲਦੀਪ ਨੇ ਕਿਹਾ ਕਿ ਜੇ ਭਾਜਪਾ ਅਤੇ ਜੇਜੇਪੀ ਦੇ ਆਗੂ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਣਗੇ ਤਾਂ ਉਨ੍ਹਾਂ ਦਾ ਵਿਰੋਧ ਜਾਰੀ ਰਹੇਗਾ।
ਹਰਿਆਣਾ ਵਿੱਚ ਹਰ ਤਬਕੇ ਦੇ ਲੋਕਾਂ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ। ਟੋਹਾਣਾ ਵਿੱਚ ਵਿਦਿਆਰਥੀ ਜਥੇਬੰਦੀਆਂ ਦੇ ਆਗੂ ਵੀ ਕਿਸਾਨਾਂ ਦੀ ਹਮਾਇਤ ਵਿੱਚ ਸੜਕਾਂ ’ਤੇ ਉੱਤਰ ਗਏ ਹਨ। ਉਨ੍ਹਾਂ ਨੇ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਕਰਦਿਆਂ ਕਾਰਪੋਰੇਟ ਘਰਾਣਿਆਂ ਦਾ ਘਿਰਾਓ ਕੀਤਾ ਹੈ। ਇਸ ਦੇ ਨਾਲ ਹੀ ਸਿਰਸਾ ਵਿੱਚ ਕਿਸਾਨ ਆਗੂਆਂ ਨੇ ਨਵੇਂ ਸਾਲ ਦੀ ਆਮਦ ਨੂੰ ਨਵੇਂ ਢੰਗ ਨਾਲ ਮਨਾਉਣ ਦਾ ਫ਼ੈਸਲਾ ਲਿਆ ਹੈ। ਇਸ ਦੌਰਾਨ ਕਿਸਾਨਾਂ ਦੇ ਹਿੱਤ ਵਿੱਚ ਨੁੱਕੜ ਨਾਟਕ ਖੇਡੇ ਜਾਣਗੇ ਅਤੇ ਹੋਰ ਸਮਾਗਮ ਉਲੀਕੇ ਜਾਣਗੇ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਹਰਿਆਣਾ ਦੇ ਘਰ-ਘਰ ਤਕ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਵਧ ਚੜ੍ਹ ਕੇ ਦਿੱਲੀ ਦੀਆਂ ਹੱਦਾਂ ’ਤੇ ਪੁੱਜਣ ਦੀ ਅਪੀਲ ਕੀਤੀ ਜਾ ਰਹੀ ਹੈ। ਹਰ ਕਿਸੇ ਨੂੰ ਆਪਣੇ ਘਰ ਦੀ ਛੱਤ ’ਤੇ ਕਿਸਾਨੀ ਸੰਘਰਸ਼ ਦਾ ਝੰਡਾ ਲਗਾਉਣ ਲਈ ਪ੍ਰੇਰਿਆ ਜਾ ਰਿਹਾ ਹੈ।