ਝੋਨੇ ਦੀ ਖਰੀਦ: ਕਿਸਾਨਾਂ ਨੇ ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕੀਤਾ : The Tribune India

ਝੋਨੇ ਦੀ ਖਰੀਦ: ਕਿਸਾਨਾਂ ਨੇ ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕੀਤਾ

ਬੈਰੀਕੇਡ ਤੋੜ ਕੇ ਜੀਟੀ ਰੋਡ ’ਤੇ ਪਹੁੰਚੇ ਕਿਸਾਨ, ਚੜੂਨੀ ਦੀ ਅਗਵਾਈ ਵਾਲੀ ਪੰਜ ਮੈਂਬਰੀ ਕਮੇਟੀ ਨੂੰ ਮੀਟਿੰਗ ਲਈ ਚੰਡੀਗੜ੍ਹ ਸੱਦਿਆ

ਸਰਬਜੋਤ ਸਿੰਘ ਦੁੱਗਲ/ਸਤਨਾਮ ਸਿੰਘ
ਕੁਰੂਕਸ਼ੇਤਰ/ਸ਼ਾਹਾਬਾਦ

ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਨਾ ਕੀਤੇ ਜਾਣ ਤੋਂ ਨਾਰਾਜ਼ ਕਿਸਾਨਾਂ ਨੇ ਅੱਜ ਸ਼ਾਹਬਾਦ ਮਾਰਕੰਡਾ ਵਿੱਚ ਦਿੱਲੀ-ਅੰਮ੍ਰਿਤਸਰ ਸ਼ਾਹਰਾਹ ਜਾਮ ਕਰ ਦਿੱਤਾ। ਭਾਰਤੀ ਕਿਸਾਨ ਯੂਨੀਅਨ ਵੱਲੋਂ ਦਿੱਤੀ ਚੇਤਾਵਨੀ ਤਹਿਤ ਕਿਸਾਨ ਅੱਜ ਦੁਪਹਿਰੇ 1 ਵਜੇ ਭਾਰੀ ਬਾਰਿਸ਼ ਦੇ ਬਾਵਜੂਦ ਜੀਟੀ ਰੋਡ ’ਤੇ ਧਰਨਾ ਲਾ ਕੇ ਬੈਠ ਗਏ। ਬੀਕੇਯੂ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੁੰਦੀ, ਕਿਸਾਨ ਜੀਟੀ ਰੋਡ ਤੋਂ ਨਹੀਂ ਹਟਣਗੇ। ਉਂਜ ਡਿਪਟੀ ਕਮਿਸ਼ਨਰ ਵੱਲੋਂ ਚੰਡੀਗੜ੍ਹ ਵਿੱਚ ਉੱਚ ਅਧਿਕਾਰੀਆਂ ਨਾਲ ਮਿਲਾਉਣ ਦੀ ਪੇਸ਼ਕਸ਼ ਮਗਰੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਕਮੇਟੀ ਵਿੱਚ ਗੁਰਨਾਮ ਸਿੰਘ ਚੜੂਨੀ ਤੋਂ ਇਲਾਵਾ ਕਾਰਜਕਾਰੀ ਪ੍ਰਧਾਨ ਕਰਮ ਸਿੰਘ ਮਥਾਣਾ, ਸੰਜੂ ਗੁਦਿਆਣਾ, ਰਾਕੇਸ਼ ਬੈਂਸ ਅਤੇ ਮਲਕੀਤ ਸਿੰਘ ਸ਼ਾਮਲ ਹੋਣਗੇ। ਚੜੂਨੀ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਇੱਥੋਂ ਉਠਾਉਣ ਲਈ ਜ਼ਬਰਦਸਤੀ ਕੀਤੀ ਗਈ, ਤਾਂ ਪੂਰੇ ਹਰਿਆਣਾ ਵਿੱਚ ਚੱਕਾ ਜਾਮ ਕੀਤਾ ਜਾਵੇਗਾ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।

ਇਸ ਤੋਂ ਪਹਿਲਾਂ ਅੱਜ ਸਵੇਰੇ ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਕਿਸਾਨ ਬਰਾੜਾ ਰੋਡ ਸਥਿਤ ਸ਼ਹੀਦ ਊਧਮ ਸਿੰਘ ਹਾਲ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਪਹਿਲਾਂ ਦਿੱਤੇ ਅਲਟੀਮੇਟਮ ਮੁਤਾਬਕ ਬੀਕੇਯੂ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ, ਸੂਬਾਈ ਬੁਲਾਰੇ ਰਾਕੇਸ਼ ਬੈਂਸ ਅਤੇ ਜਸਬੀਰ ਸਿੰਘ ਮਾਮੂਮਾਜਰਾ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਨੇ ਸਵੇਰੇ 10 ਵਜੇ ਜੀਟੀ ਰੋਡ ਵੱਲ ਮਾਰਚ ਸ਼ੁਰੂ ਕੀਤਾ। ਸ਼ਹੀਦ ਊਧਮ ਸਿੰਘ ਚੌਕ ’ਤੇ ਹਜ਼ਾਰਾਂ ਦੀ ਗਿਣਤੀ ’ਚ ਤਾਇਨਾਤ ਪੁਲੀਸ ਮੁਲਾਜ਼ਮਾਂ ਨੇ ਬੈਰੀਗੇਡ ਲਗਾ ਕੇ ਕਿਸਾਨਾਂ ਨੂੰ ਰੋਕ ਲਿਆ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਾਇਨਾਤ 5 ਡਿਊਟੀ ਮੈਜਿਸਟਰੇਟਾਂ ਤੇ ਹੋਰਨਾਂ ਅਧਿਕਾਰੀਆਂ ਨੇ ਗੁਰਨਾਮ ਸਿੰਘ ਚੜੂਨੀ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਲਈ ਹੋਰ ਸਮਾਂ ਮੰਗਿਆ, ਪਰ ਕਿਸਾਨ ਆਗੂ ਨੇ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਦੀ ਗੱਲ ਨਾ ਸੁਣੀ ਅਤੇ ਕਰੀਬ ਸਾਢੇ 12 ਵਜੇ ਬੇਰੀਗੇਡ ਤੋੜ ਕੇ ਮੰਡੀ ਵੱਲ ਵਧਣਾ ਸ਼ੁਰੂ ਕਰ ਦਿੱਤਾ। ਹਜ਼ਾਰਾਂ ਕਿਸਾਨਾਂ ਨੇ ਮਿੰਟਾਂ ਵਿੱਚ ਹੀ ਜੀਟੀ ਰੋਡ ’ਤੇ ਲੱਗੇ ਸਾਰੇ ਬੈਰੀਕੇਡ ਤੋੜ ਦਿੱਤੇ। ਇਸ ਦੌਰਾਨ ਕਿਸਾਨਾਂ ਨੂੰ ਰੋਕਣ ਲਈ ਪੁਲੀਸ ਵੱਲੋਂ ਕੀਤੇ ਪ੍ਰਬੰਧ ਤਹਿਸ-ਨਹਿਸ ਹੋ ਕੇ ਰਹਿ ਗਏ। ਇਸ ਦੌਰਾਨ ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਤੇ ਐੱਸਪੀ ਐੱਸ.ਐੱਸ. ਭੌਰੀਆ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਥਾਣਾ ਸ਼ਾਹਬਾਦ ਪੁੱਜੇ। ਇਥੇ ਡਿਪਟੀ ਕਮਿਸ਼ਨਰ ਅਤੇ ਐੱਸਪੀ ਨੇ ਗੁਰਨਾਮ ਸਿੰਘ ਚੜੂਨੀ ਸਮੇਤ ਕਿਸਾਨਾਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਕੁਰੂਕਸ਼ੇਤਰ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਝੋਨੇ ਦੀ ਖਰੀਦ ਸ਼ੁਰੂ ਕਰਨ ਦਾ ਫੈਸਲਾ ਉਨ੍ਹਾਂ ਦੇ ਹੱਥ ਵਿੱਚ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨ ਆਗੂ ਨੂੰ ਚੰਡੀਗੜ੍ਹ ਅਧਿਕਾਰੀਆਂ ਨਾਲ ਮਿਲਾਉਣ ਦੀ ਪੇਸ਼ਕਸ਼ ਕੀਤੀ। ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਪ੍ਰਤੀ ਏਕੜ 22 ਤੋਂ 28 ਕੁਇੰਟਲ ਝੋਨਾ ਖਰੀਦਣ ਦੀ ਮੰਗ ਮੰਨ ਲਈ ਗਈ ਹੈ, ਪਰ ਝੋਨਾ ਖਰੀਦਣ ਵੀ ਮੰਗ ਬਕਾਇਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੀ.ਟੀ.ਰੋਡ ਤੇ ਲੱਗੇ ਜਾਮ ਨੂੰ ਹਾਲੇ ਨਹੀਂ ਖੋਲ੍ਹਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਸ਼ਹਿਰ

View All