ਕੁਲਵਿੰਦਰ ਕੌਰ ਦਿਓਲ
ਫਰੀਦਾਬਾਦ, 2 ਫਰਵਰੀ
ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪਲਵਲ ਵਿੱਚ ਮੁੜ ਸ਼ੁਰੂ ਹੋਇਆ ਧਰਨਾ ਦੂਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਰੋਸ ਪ੍ਰਦਰਸ਼ਨ ਵਿੱਚ ਅੱਜ ਹਜ਼ਾਰਾਂ ਕਿਸਾਨਾਂ ਨੇ ਹਿੱਸਾ ਲਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਾਬਕਾ ਮੰਤਰੀ ਕਰਨ ਦਲਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਇਨ੍ਹਾਂ ਕਾਨੂੰਨਾਂ ਬਾਰੇ ਕਿਸੇ ਵੀ ਮੰਚ ’ਤੇ ਖੁੱਲ੍ਹੀ ਬਹਿਸ ਕਰੇ। ਉਨ੍ਹਾਂ ਕਿਹਾ ਕਿ ਭਾਰਤ ਦੇ ਇਤਿਹਾਸ ਵਿੱਚ ਭਾਜਪਾ ਦੀ ਇਹ ਪਹਿਲੀ ਸਰਕਾਰ ਹੈ, ਜਿਸ ਨੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਕੁਚਲਣ ਦਾ ਕੰਮ ਕੀਤਾ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ (ਰਾਸ਼ਟਰਵਾਦੀ) ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਹੁਣ ਲੋਕ ਲਹਿਰ ਬਣ ਗਈ ਹੈ ਅਤੇ ਦੇਸ਼ ਦੇ ਹਰੇਕ ਵਿਅਕਤੀ ਦੀਆਂ ਭਾਵਨਾਵਾਂ ਇਸ ਨਾਲ ਜੁੜ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਾਲੇ ਕਾਨੂੰਨ ਵਾਪਸ ਲਵੇ ਅਤੇ ਐੱਮਐੱਸਪੀ ਕਾਨੂੰਨ ਦੀ ਗਾਰੰਟੀ ਦੇਵੇ ਤਾਂ ਕਿ ਲੋੋਕ ਆਪਣੇ ਘਰਾਂ ਨੂੰ ਖ਼ੁਸ਼ੀ ਖ਼ੁਸ਼ੀ ਪਰਤ ਸਕਣ।