ਪੀਪੀ ਵਰਮਾ
ਪੰਚਕੂਲਾ, 13 ਮਈ
ਜ਼ਿਲ੍ਹਾ ਮੈਜਿਸਟਰੇਟ ਅਤੇ ਡਿਪਟੀ ਕਮਿਸ਼ਨਰ ਮੁਕੇਸ਼ ਕੁਮਾਰ ਆਹੂਜਾ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਕਰੋਨਾ ਦੀ ਮਹਾਮਾਰੀ ਦੀ ਰੋਕਥਾਮ ਲਈ ਤੀਹ ਦਿਨਾਂ ਲਈ ਠੀਕਰੀ ਪਹਿਰਾ ਦੇਣ ਦੇ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਆਦੇਸ਼ਾਂ ਵਿੱਚ ਕਿਹਾ ਹੈ ਕਿ ਜ਼ਿਲ੍ਹੇ ਦੇ ਸਾਰੇ ਸਬੰਧਤ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਬਿਹਤਰ ਤਾਲਮੇਲ ਨਾਲ ਆਪਣੇ-ਆਪਣੇ ਖੇਤਰਾਂ ਵਿੱਚ ਇਨ੍ਹਾਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ ਅਤੇ ਇਸ ਦੀ ਰਿਪੋਰਟ ਹਰ ਰੋਜ਼ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਦੇਣਗੇ। ਇਸ ਤੋਂ ਇਲਾਵਾ ਜੇ ਕੋਈ ਅਣਸੁਖਾਵੀਂ ਘਟਨਾ ਜਾਂ ਗਤੀਵਿਧੀ ਹੁੰਦੀ ਹੈ ਜਾਂ ਕੋਈ ਸ਼ੱਕੀ ਵਿਅਕਤੀ, ਅਣਅਧਿਕਾਰਤ ਵਿਅਕਤੀ ਨੇੜਲੇ ਪਿੰਡ ਵਿਚ ਦਾਖਲ ਹੁੰਦਾ ਹੈ ਤਾਂ ਇਸ ਦੀ ਸੂਚਨਾ ਨੇੜੇ ਦੇ ਥਾਣੇ ਨੂੰ ਦਿੱਤੀ ਜਾਵੇ। ਲੋਕਾਂ ਨੂੰ ਮਾਸਕ ਅਤੇ ਸਮਾਜਿਕ ਦੂਰੀ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਬੇਲੋੜੀਆਂ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਰੋਕਣਾ ਚਾਹੀਦਾ ਹੈ।