Panjokhra Sahib Case: ਅਨਮੋਲ ਤੇ ਹਰਵਿੰਦਰ ਸਿੰਘ ਨੂੰ ਮਿਲੀ ਜ਼ਮਾਨਤ
ਮਾਮਲੇ ਦੇ ਹੱਲ ਲਈ ਹਰਿਆਣਾ ਸਰਕਾਰ ਵੱਲੋਂ ਉੱਚ ਪੱਧਰ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ 7 ਅਗਸਤ ਨੂੰ ਵਾਪਰੀ ਘਟਨਾ ਦੇ ਸਬੰਧ ਵਿੱਚ ਦਰਜ ਮਾਮਲੇ ਵਿੱਚ ਅਨਮੋਲ ਸਿੰਘ ਅਤੇ ਹਰਵਿੰਦਰ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਇਹ ਮਾਮਲਾ ਗੁਰਸਿਮਰਨ ਸਿੰਘ ਮੰਡ ਨਾਲ ਸਬੰਧਤ ਘਟਨਾਕ੍ਰਮ ਦੇ ਸਬੰਧ ਵਿੱਚ ਦਰਜ ਕੀਤਾ ਗਿਆ ਸੀ। ਮਾਮਲੇ ਦੇ ਹੱਲ ਲਈ ਹਰਿਆਣਾ ਸਰਕਾਰ ਵੱਲੋਂ ਉੱਚ ਪੱਧਰ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਅਤੇ ਮੁੱਖ ਮੰਤਰੀ ਦੇ ਓ.ਐੱਸ.ਡੀ. ਡਾ. ਪ੍ਰਭਲੀਨ ਸਿੰਘ ਦੇ ਦਖ਼ਲ ਉਪਰੰਤ ਸਬੰਧਤ ਮਾਮਲਿਆਂ ਨੂੰ ਆਪਸੀ ਸਹਿਮਤੀ ਅਤੇ ਪ੍ਰਸ਼ਾਸਨਿਕ ਹੱਲ ਰਾਹੀਂ ਸਮਾਪਤ ਕਰਨ ਵੱਲ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਗਿਆ ਹੈ। ਸਰਕਾਰ ਵੱਲੋਂ ਕੇਸਾਂ ਨੂੰ ਲੰਬੀ ਕਾਨੂੰਨੀ ਜਾਂ ਵਿਵਾਦਪੂਰਨ ਪ੍ਰਕਿਰਿਆ ਵਿੱਚ ਨਾ ਲਿਜਾਣ ਅਤੇ ਉਨ੍ਹਾਂ ਨੂੰ ਬੰਦ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਹੈ।
ਇਸੇ ਦੌਰਾਨ ਸੁਰਮੁਖ ਸਿੰਘ ਰਾਮਖੇੜੀ (ਯਮੁਨਾਨਗਰ) ਦੀ ਜ਼ਮਾਨਤ ਅਰਜ਼ੀ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਲੋੜੀਂਦੇ ਕੁਝ ਦਸਤਾਵੇਜ਼ ਉਪਲਬਧ ਨਾ ਹੋਣ ਕਾਰਨ ਅਰਜ਼ੀ ਦੀ ਕਾਰਵਾਈ ਨਿਰਧਾਰਤ ਸਮੇਂ ’ਤੇ ਨਹੀਂ ਹੋ ਸਕੀ।
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਗ਼ਲਤ ਜਾਣਕਾਰੀ ਅਤੇ ਅਫ਼ਵਾਹਾਂ ਤੋਂ ਬਚਿਆ ਜਾਵੇ। ਕਮੇਟੀ ਨੇ ਗੁਰਦੁਆਰਾ ਸਾਹਿਬ ਦੀ ਮਰਿਆਦਾ, ਸੰਗਤ ਦੀ ਏਕਤਾ ਅਤੇ ਸ਼ਾਂਤੀ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ ਮਾਮਲੇ ਦੇ ਸਥਾਈ ਤੇ ਸ਼ਾਂਤੀਪੂਰਨ ਹੱਲ ਲਈ ਯਤਨ ਜਾਰੀ ਰੱਖਣ ਦੀ ਗੱਲ ਕਹੀ ਹੈ।

