ਮਾਪਿਆਂ ਵੱਲੋਂ ਮੁੱਖ ਮੰਤਰੀ ਵਿਰੁੱਧ ਮੁਜ਼ਾਹਰਾ
ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਜੂਨ
ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਲਈ ਲਿਆਂਦੇ ਗਏ ਫੀਸ ਰੈਗੂਲੇਸ਼ਨ ਆਰਡੀਨੈਂਸ ਵਿਰੁੱਧ ਪ੍ਰਦਰਸ਼ਨ ਕਰ ਰਹੇ ਮਾਪਿਆਂ ਨੇ ਅੱਜ ਛਤਰਸਾਲ ਸਟੇਡੀਅਮ ਦੇ ਬਾਹਰ ਮੁੱਖ ਮੰਤਰੀ ਰੇਖਾ ਗੁਪਤਾ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਦੱਸਿਆ ਕਿ ਉਹ ਗੁਪਤ ਰੂਪ ਵਿੱਚ ਲਿਆਂਦੇ ਗਏ ਫ਼ੀਸ ਰੈਗੂਲੇਸ਼ਨ ਬਿੱਲ ਤੋਂ ਖੁਸ਼ ਨਹੀਂ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਚਾਰ ਮਹੀਨਿਆਂ ਵਿੱਚ, ਭਾਜਪਾ ਸਰਕਾਰ ਨੇ ਦਿੱਲੀ ਦੇ ਮੱਧ ਵਰਗ ਨੂੰ ਭਿਆਨਕ ਗਰਮੀ ਵਿੱਚ ਸੜਕਾਂ ‘ਤੇ ਉਤਾਰ ਦਿੱਤਾ ਹੈ। ਪ੍ਰਾਈਵੇਟ ਸਕੂਲ ਦੇ ਮਾਪਿਆਂ ਦਾ ਮੰਨਣਾ ਹੈ ਕਿ ਭਾਜਪਾ ਸਰਕਾਰ ਜੋ ਆਰਡੀਨੈਂਸ (ਬਿੱਲ) ਲਿਆ ਰਹੀ ਹੈ, ਉਸ ਨਾਲ ਸਿਰਫ਼ ਪ੍ਰਾਈਵੇਟ ਸਕੂਲ ਮਾਲਕਾਂ ਨੂੰ ਹੀ ਫਾਇਦਾ ਹੋਵੇਗਾ। ਇਸ ਨਾਲ ਹਰ ਸਾਲ ਫੀਸਾਂ ਵਧਦੀਆਂ ਰਹਿਣਗੀਆਂ। ਮਾਪਿਆਂ ਨੇ ਕਿਹਾ ਕਿ ਭਾਜਪਾ ਸਰਕਾਰ ਬਣਦੇ ਹੀ, ਲਗਭਗ ਸਾਰੇ ਪ੍ਰਾਈਵੇਟ ਸਕੂਲਾਂ ਨੇ ਮਨਮਾਨੇ ਢੰਗ ਨਾਲ ਫੀਸਾਂ ਵਧਾ ਦਿੱਤੀਆਂ ਹਨ। ਸਰਕਾਰ ਨੂੰ ਵਾਰ-ਵਾਰ ਸ਼ਿਕਾਇਤ ਕਰਨ ਮਗਰੋਂ ਇੱਕ ਵੀ ਸਕੂਲ ਦੀ ਫ਼ੀਸ ਵਾਪਸ ਨਹੀਂ ਕੀਤੀ ਗਈ । ਉਧਰ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਡੀਪੀਐੱਸ ਦੁਆਰਕਾ ਵਿਰੁੱਧ ਅਜੇ ਤੱਕ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ। ਸਰਕਾਰ ਨਿੱਜੀ ਸਕੂਲ ਮਾਲਕਾਂ ਨਾਲ ਮਿਲੀਭੁਗਤ ਕਰ ਰਹੀ ਹੈ। ‘ਆਪ’ ਆਗੂ ਸੌਰਭ ਭਾਰਦਵਾਜ ਦਾ ਕਹਿਣਾ ਹੈ ਕਿ ਦਿੱਲੀ ਦੀ ਭਾਜਪਾ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਆਪਣੀ ਮਰਜ਼ੀ ਅਨੁਸਾਰ ਕੰਮ ਕਰਨ ਦੀ ਇਜਾਜ਼ਤ ਦੇਣ ਲਈ ਆਰਡੀਨੈਂਸ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਮਾਪਿਆਂ ਨੂੰ ਵੀ ਨਹੀਂ ਦਿਖਾਇਆ ਗਿਆ।
ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ ਕਰ ਰਹੀ ਹੈ ਭਾਜਪਾ: ਸਿਸੋਦੀਆ
ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਕ੍ਰਿਸਮਸ ‘ਤੇ ਮਾਪਿਆਂ ਦੇ ਵਿਰੋਧ ਪ੍ਰਦਰਸ਼ਨ ਦੀ ਵੀਡੀਓ ਸਾਂਝੀ ਕੀਤਾ ਅਤੇ ਕਿਹਾ ਕਿ ਪ੍ਰਾਈਵੇਟ ਸਕੂਲ ਦਿੱਲੀ ਵਿੱਚ ਖੁੱਲ੍ਹੇਆਮ ਲੁੱਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਹਰ ਰੋਜ਼ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਿਰੁੱਧ ਫਰਜ਼ੀ ਐੱਫਆਈਆਰ ਦਰਜ ਕਰਕੇ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।