ਸਫ਼ਾਈ ਮਿਸ਼ਨ ’ਚ ਲੋਕਾਂ ਦੀ ਭਾਗੀਦਾਰੀ ਜ਼ਰੂਰੀ: Pramod Kaushik
ਉਪ ਪ੍ਰਧਾਨ ਵੱਲੋਂ ਸ਼ਹਿਰ ’ਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ
ਸੂਬਾ ਪੱਧਰੀ ਟਾਸਕ ਫੋਰਸ ਅਤੇ ਸਵੱਛ ਭਾਰਤ ਮਿਸ਼ਨ ਹਰਿਆਣਾ (ਸ਼ਹਿਰੀ) ਦੇ ਉਪ ਪ੍ਰਧਾਨ ਪ੍ਰਮੋਦ ਕੌਸ਼ਿਕ ਨੇ ਜੀਂਦ ਜ਼ਿਲ੍ਹੇ ਦੇ ਸ਼ਹਿਰੀ ਇਲਾਕਿਆਂ ਦਾ ਦੌਰਾ ਕੀਤਾ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਫ਼ਾਈ ਪ੍ਰਬੰਧਾਂ ਨੂੰ ਸਿਰਫ਼ ਝਾੜੂ ਲਾਉਣ ਤੱਕ ਹੀ ਸੀਮਤ ਨਾ ਰੱਖਿਆ ਜਾਵੇ, ਸਗੋਂ ਆਧੁਨਿਕ ਤਕਨੀਕ, ਬਿਹਤਰ ਪ੍ਰਬੰਧਨ ਅਤੇ ਲਗਾਤਾਰ ਨਿਗਰਾਨੀ ਰਾਹੀਂ ਸਫ਼ਾਈ ਦੇ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ। ਪ੍ਰਮੋਦ ਕੌਸ਼ਿਕ ਇੱਥੇ ਨਗਰ ਪਰਿਸ਼ਦ ਦੇ ਮੀਟਿੰਗ ਹਾਲ ਵਿੱਚ ਨਗਰ ਨਿਗਮ ਨਾਲ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਨਗਰ ਪਰਿਸ਼ਦ ਜੀਂਦ ਦੀ ਚੇਅਰਪਰਸਨ ਅਨੁਰਾਧਾ ਸੈਣੀ, ਡੀ ਐੱਮ ਸੀ ਅਨਿਲ ਦੁਹਨ ਸਮੇਤ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਸਫ਼ਾਈ ਪ੍ਰਬੰਧਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਵੱਧ ਤੋਂ ਵੱਧ ਤਕਨੀਕੀ ਸਾਧਨਾਂ ਦੀ ਵਰਤੋਂ ਕੀਤੀ ਜਾਵੇ। ਸਫ਼ਾਈ ਮੁਲਾਜ਼ਮ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਸੁਰੱਖਿਆ ਯੰਤਰ, ਸਾਧਨ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਅੱਗੇ ਕਿਹਾ ਕਿ ਸਵੱਛਤਾ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਇਸ ਲਈ ਗ਼ੈਰ-ਸਰਕਾਰੀ ਸੰਗਠਨਾਂ, ਸਿੱਖਿਅਕ ਸੰਸਥਾਵਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਜਾਵੇ।
ਉਨ੍ਹਾਂ ਦੱਸਿਆ ਕਿ ਜੀਂਦ ਜ਼ਿਲ੍ਹੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਵੀ ਬਿਹਤਰ ਬਣਾਉਣ ਲਈ ਵਿਸ਼ੇਸ਼ ਕਾਰਜ-ਯੋਜਨਾ ਤਿਆਰ ਕੀਤੀ ਜਾਵੇਗੀ ਅਤੇ ਇਸ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਸ਼ਹਿਰ ਦੇ ਨਾਲ-ਨਾਲ ਕਲੋਨੀਆਂ, ਬਾਜ਼ਾਰਾਂ, ਧਾਰਮਿਕ ਸਥਾਨਾਂ ਅਤੇ ਹੋਰਨਾਂ ਥਾਵਾਂ ਦੀ ਸਫ਼ਾਈ ’ਤੇ ਵਿਸ਼ੇਸ਼ ਧਿਆਨ ਰਹੇਗਾ।

