ਕੇਕੇ ਬਾਂਸਲ
ਰਤੀਆ, 14 ਨਵੰਬਰ
ਸ਼ਹੀਦ ਭਗਤ ਸਿੰਘ ਚੌਕ ਤੋਂ ਅਨਾਜ ਮੰਡੀ ਨੂੰ ਜਾਣ ਵਾਲੀ ਸੜਕ ਦੇ ਕਿਨਾਰਿਆਂ ’ਤੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵਾਨ ਦਾਸ, ਕੇਸ਼ਵ, ਉਮੰਗ, ਸੁਰਿੰਦਰ, ਪ੍ਰਕਾਸ਼ ਸਮੇਤ ਅਨੇਕਾਂ ਲੋਕਾਂ ਨੇ ਦੱਸਿਆ ਕਿ ਸ਼ਹਿਰ ਵਿਚ ਸਫਾਈ ਵਿਵਸਥਾ ਡਗਮਗਾਈ ਹੋਈ ਹੈ। ਸੁਚਾਰੂ ਰੂਪ ਵਿਚ ਸਫ਼ਾਈ ਨਾ ਹੋਣ ਕਾਰਨ ਕਈ ਥਾਵਾਂ ’ਤੇ ਅਕਸਰ ਹੀ ਗੰਦਗੀ ਦੇ ਢੇਰ ਲੱਗੇ ਰਹਿੰਦੇ ਹਨ। ਸ਼ਹੀਦ ਭਗਤ ਸਿੰਘ ਚੌਕ ਤੋਂ ਅਨਾਜ ਮੰਡੀ ਨੂੰ ਜਾਣ ਵਾਲੀ ਸੜਕ ਦੇ ਕਿਨਾਰਿਆਂ ’ਤੇ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਰਹਿੰਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਇਨ੍ਹੀਂ ਦਿਨੀਂ ਡੇਂਗੂ, ਮਲੇਰੀਆ ਜਿਹੀਆਂ ਬਿਮਾਰੀਆਂ ਦੀ ਮਾਰ ਹੈ, ਜਿਸ ਨਾਲ ਸਫਾਈ ਦਾ ਮਹੱਤਵ ਹੋਰ ਵਧ ਜਾਂਦਾ ਹੈ ਪਰ ਸ਼ਹਿਰ ਵਿਚ ਸਫਾਈ ਦਾ ਬੁਰਾ ਹਾਲ ਹੈ। ਇਸ ਨਾਲ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਵਿਚ ਨਿਯਮਤ ਅਤੇ ਸੁਚਾਰੂ ਰੂਪ ਵਿਚ ਸਫਾਈ ਕਰਵਾਈ ਜਾਵੇ ਤਾਂ ਕਿ ਗੰਦਗੀ ਕਾਰਨ ਬਿਮਾਰੀਆਂ ਨਾ ਫੈਲ ਸਕਣ।