ਨਿੱਜੀ ਪੱਤਰ ਪ੍ਰੇਰਕ
ਸਿਰਸਾ, 22 ਦਸੰਬਰ
ਮਿਨੀ ਸਕੱਤਰੇਤ ਦੇ ਬਾਹਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਧਰਨਾ ਅੱਜ ਵੀ ਜਾਰੀ ਰਿਹਾ। ਔਰਤਾਂ ਨੇ ਆਪਣੇ ਬੱਚਿਆਂ ਨਾਲ ਕੜਾਕੇ ਦੀ ਠੰਢ ’ਚ ਧਰਨੇ ’ਚ ਸ਼ਿਰਕਤ ਕਰ ਕੇ ਸਰਕਾਰ ਦਾ ਪਿੱਟ-ਸਿਆਪਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਉਨ੍ਹਾਂ ਦਾ ਇਹ ਸੰਘਰਸ਼ ਜਾਰੀ ਰਹੇਗਾ। ਧਰਨਾ ਦੇ ਰਹੀਆਂ ਆਂਗਣਵਾੜੀ ਵਰਕਰਾਂ ਨੂੰ ਸੀਟੂ ਤੇ ਹੋਰ ਕਰਮਚਾਰੀ ਜਥੇਬੰਦੀਆਂ ਨੇ ਹਮਾਇਤ ਦੇਣ ਦਾ ਐਲਾਨ ਕੀਤਾ। ਮਿਨੀ ਸਕੱਤਰੇਤ ਦੇ ਬਾਹਰ ਧਰਨੇ ’ਤੇ ਬੈਠੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਵਿਜੈ ਢੁਕੜਾ ਨੇ ਕਿਹਾ ਕਿ ਭਾਜਪਾ ਸਰਕਾਰ ਤੋਂ ਹਰ ਵਰਗ ਦੇ ਲੋਕ ਦੁਖੀ ਹਨ। ਕਿਸਾਨਾਂ ਨੂੰ ਜਿਥੇ ਆਪਣੀਆਂ ਮੰਗਾਂ ਲਈ ਲੰਮਾ ਸੰਘਰਸ਼ ਕਰਨਾ ਪਿਆ ਹੈ ਉਥੇ ਹੀ ਹਰ ਵਿਭਾਗ ਦਾ ਕਰਮਚਾਰੀ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕਾ ਹੈ ਤੇ ਉਹ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਰਿਹਾ ਹੈ। ਇਸ ਦੌਰਾਨ ਆਂਗਣਵਾੜੀ ਵਰਕਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਪੰਦਰਾਂ ਦਿਨਾਂ ਤੋਂ ਕੜਾਕੇ ਦੀ ਠੰਢ ਵਿੱਚ ਆਪਣੇ ਛੋਟੇ ਬੱਚਿਆਂ ਨਾਲ ਧਰਨਾ ਦੇ ਰਹੀਆਂ ਹਨ ਪਰ ਸਰਕਾਰ ’ਤੇ ਕੋਈ ਅਸਰ ਨਹੀਂ ਹੋ ਰਿਹਾ। ਇਸ ਮੌਕੇ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰ ਤੇ ਹੈਲਪਰ ਮੌਜੂਦ ਸਨ।