ਪ੍ਰਭੂ ਦਿਆਲ
ਸਿਰਸਾ, 6 ਮਈ
ਹਲਕਾ ਸਿਰਸਾ ਤੋਂ ਭਾਜਪਾ ਉਮੀਦਵਾਰ ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਭਾਜਪਾ ਨੂੰ ਦਿੱਤੀ ਗਈ ਇੱਕ-ਇੱਕ ਵੋਟ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਹੋਵੇਗੀ। ਜਿੱਥੇ ਪਿਛਲੇ ਦਸ ਸਾਲਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਆਰਥਿਕ ਤੌਰ ’ਤੇ ਖੁਸ਼ਹਾਲ ਬਣਾਇਆ ਹੈ, ਉੱਥੇ ਹੀ ਦੇਸ਼ ਦੀ ਵਿਸ਼ਵ ਪੱਧਰ ’ਤੇ ਪਛਾਣ ਬਣੀ ਹੈ। ਉਨ੍ਹਾਂ ਕਿਹਾ ਕਿ ਅੱਜ ਕੁਝ ਅਖੌਤੀ ਲੀਡਰਾਂ ਦਾ ਇੱਕ ਟੋਲਾ ਦੇਸ਼ ਲਈ ਨਹੀਂ ਸਗੋਂ ਆਪਣੀ ਰਾਜਸੀ ਹੋਂਦ ਨੂੰ ਬਚਾਉਣ ਲਈ ਦੀ ਲੜਾਈ ਲੜ ਰਹੇ ਹਨ। ਦੇਸ਼ ਦੀ ਜਨਤਾ ਅਜਿਹੇ ਲੋਕਾਂ ਦੇ ਮਨਸੂਬਿਆਂ ਨੂੰ ਕਦੇ ਪੂਰਾ ਨਹੀਂ ਹੋਣ ਦੇਵੇਗੀ। ਉਹ ਸਿਰਸਾ ਲੋਕ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਚੋਣ ਜਲਸਿਆਂ ਤੇ ਨੁੱਕੜ ਸਭਾਵਾਂ ’ਚ ਹਜ਼ਾਰ ਲੋਕਾਂ ਨੂੰ ਵੋਟਾਂ ਦੀ ਅਪੀਲ ਕਰ ਰਹੇ ਸਨ।
ਡਾ. ਤੰਵਰ ਨੇ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੇ ਰਾਜ ’ਚ ਨੌਕਰੀਆਂ ਦੀ ਨਿਲਾਮੀ ਹੁੰਦੀ ਸੀ, ਪਰਚੀ ਖਰੀਦੀ ਚੱਲਦੀ ਸੀ ਪਰ ਹੁਣ ਨੌਜਵਾਨਾਂ ਨੂੰ ਨੌਕਰੀ ਲਈ ਨਾ ਤਾਂ ਪਰਚੀ ਦੇਣੀ ਪੈਂਦੀ ਹੈ ਅਤੇ ਨਾ ਹੀ ਕੋਈ ਖਰਚ ਕਰਨਾ ਪੈਂਦਾ ਹੈ। ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸਾਢੇ 9 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਵੱਲੋਂ ਅਪਣਾਏ ਅਮਲ ਨੂੰ ਇਸ ਤਰ੍ਹਾਂ ਤੋੜਿਆ ਕਿ ਹੁਣ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਮਿਲ ਰਹੀਆਂ ਹਨ। ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਡਬਲ ਇੰਜਣ ਵਾਲੀ ਸਰਕਾਰ ਨੇ ਜਿੱਥੇ ਹਰਿਆਣਾ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ, ਉੱਥੇ ਹੀ ਹੁਨਰਮੰਦਾਂ ਨੂੰ ਨਿੱਜੀ ਖੇਤਰ ’ਚ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕੀਤੇ। ਡਾ. ਤੰਵਰ ਨੇ ਕਿਹਾ ਕਿ ਸੂਬੇ ਦੀ ਭਾਜਪਾ ਸਰਕਾਰ ਨੇ ਸਬਕਾ ਸਾਥ, ਸਬਕਾ ਵਿਕਾਸ ਦੀ ਨੀਤੀ ’ਤੇ ਕੰਮ ਕਰਕੇ ਹਰਿਆਣਾ ਵਿੱਚ ਚੰਗੇ ਸ਼ਾਸਨ ਅਤੇ ਪਾਰਦਰਸ਼ਤਾ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਡਿਜੀਟਲ ਇੰਡੀਆ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ ਜਿਸ ਕਾਰਨ ਅੱਜ ਇਕ ਕਲਿੱਕ ’ਤੇ ਸਹੂਲਤਾਂ ਉਪਲਬਧ ਹਨ। ਇਸ ਦੌਰਾਨ ਹਾਜ਼ਰ ਲੋਕਾਂ ਨੂੰ ਵੋਟਾਂ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ, ਪਰਿਵਾਰਵਾਦੀ ਅਤੇ ਖੇਤਰੀ ਸੋਚ ਵਾਲੀਆਂ ਪਾਰਟੀਆਂ ਦੀ ਮਾਨਸਿਕਤਾ ਤੋਂ ਬਚਣਾ ਹੋਵੇਗਾ। ਇਸ ਮੌਕੇ ਵਿਧਾਇਕ ਦੂੜਾ ਰਾਮ ਸਮੇਤ ਕਈ ਹੋਰ ਭਾਜਪਾ ਆਗੂ ਉਨ੍ਹਾਂ ਨਾਲ ਮੌਜੂਦ ਸਨ।