ਨਿੱਜੀ ਪੱਤਰ ਪ੍ਰੇਰਕ
ਸਿਰਸਾ, 3 ਜੂਨ
ਵਿਦੇਸ਼ੀ ਫੋਨ ਨੰਬਰਾਂ ਤੋਂ ਹਰਿਆਣਾ ਤੇ ਪੰਜਾਬ ਵਿੱਚ ਰੇਲਾਂ ਰੋਕਣ ਦੀਆਂ ਧਮਕੀਆਂ ਮਿਲਣ ਮਗਰੋਂ ਪੁਲੀਸ ਨੇ ਰੇਲਵੇ ਸਟੇਸ਼ਨਾਂ ’ਤੇ ਸੁਰੱਖਿਆ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਇਹ ਧਮਕੀ ਇਕ ਵੀਡੀਓ ਕਾਲ ਰਾਹੀਂ ਦਿੱਤੀ ਗਈ ਸੀ।
ਸਿੱਖਸ ਫ਼ਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਵੀਡੀਓ ਕਾਲ ਰਾਹੀਂ ਦਿੱਤੀ ਗਈ ਧਮਕੀ ਮਗਰੋਂ ਇੱਥੋਂ ਦੀ ਰੇਲਵੇ ਪੁਲੀਸ ਤੇ ਸਿਵਲ ਲਾਈਨ ਥਾਣਾ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲੀਸ ਵੱਲੋਂ ਮੁਸਾਫ਼ਿਰਾਂ ਦੇ ਸਾਮਾਨ ਦੀ ਤਲਾਸ਼ੀ ਲਈ ਗਈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ। ਰੇਲਵੇ ਥਾਣਾ ਮੁਖੀ ਓਮ ਪ੍ਰਕਾਸ਼ ਅਤੇ ਸਿਵਲ ਲਾਈਨ ਥਾਣਾ ਇੰਚਾਰਜ ਇੰਸਪੈਕਟਰ ਅਮਿਤ ਬੈਨੀਵਾਲ ਨੇ ਦੱਸਿਆ ਕਿ ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫਾਰ ਜਸਟਿਸ ਵੱਲੋਂ ਰੇਲਾਂ ਰੋਕਣ ਦੀ ਦਿੱਤੀ ਗਈ ਧਮਕੀ ਮਗਰੋਂ ਪੁਲੀਸ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਤਾਂ ਜੋ ਕਿਧਰੇ ਵੀ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕਣ ਲਈ ਰੇਲਵੇ ਸਟੇਸ਼ਨਾਂ ’ਤੇ ਹਰ ਆਉਣ-ਜਾਣ ਵਾਲੇ ਦੀ ਤਲਾਸ਼ੀ ਲਈ ਜਾ ਰਹੀ ਹੈ।