Operation Sindoor ਬਾਰੇ ਪੋਸਟ: ਸੁਪਰੀਮ ਕੋਰਟ ਹਰਿਆਣਾ ਦੇ ਪ੍ਰੋਫੈਸਰ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ
Operation Sindoor ਸਬੰਧੀ ਸੋਸ਼ਲ ਮੀਡੀਆ ਪੋਸਟਾਂ ਲਈ ਦੋ ਐੱਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਕੀਤਾ ਗਿਆ ਸੀ ਗ੍ਰਿਫ਼ਤਾਰ
ਨਵੀਂ ਦਿੱਲੀ, 19 ਮਈ
ਸੁਪਰੀਮ ਕੋਰਟ ਸੋਮਵਾਰ ਨੂੰ ਅਸ਼ੋਕਾ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਅਲੀ ਖਾਨ ਮਹਿਮੂਦਾਬਾਦ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ, ਜਿਸ ਵਿਚ Operation Sindoor ਨਾਲ ਸਬੰਧਤ ਸੋਸ਼ਲ ਮੀਡੀਆ ਪੋਸਟਾਂ ਲਈ ਉਸ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਗਈ ਸੀ।
ਚੀਫ਼ ਜਸਟਿਸ ਬੀਆਰ ਗਵਈ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਐਸੋਸੀਏਟ ਪ੍ਰੋਫੈਸਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਦੀਆਂ ਦਲੀਲਾਂ ਦਾ ਨੋਟਿਸ ਲਿਆ ਅਤੇ ਕਿਹਾ ਕਿ ਪਟੀਸ਼ਨਾਂ ਮੰਗਲਵਾਰ ਜਾਂ ਬੁੱਧਵਾਰ ਨੂੰ ਸੁਣਵਾਈ ਲਈ ਸੂਚੀਬੱਧ ਕੀਤੀਆਂ ਜਾਣਗੀਆਂ।
ਕਪਿਲ ਸਿੱਬਲ ਨੇ ਦਲੀਲਾਂ ਪੇਸ਼ ਕਰਨ ਮੌਕੇ ਕਿਹਾ, ‘‘ਉਨ੍ਹਾਂ ਨੂੰ ਦੇਸ਼ ਭਗਤੀ ਵਾਲੇ ਬਿਆਨ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਰਪਾ ਕਰਕੇ ਇਸ ਨੂੰ ਅੱਜ ਲਈ ਸੂਚੀਬੱਧ ਕੀਤਾ ਜਾਵੇ।’’
ਜ਼ਿਕਰਯੋਗ ਹੈ ਕਿ ਪ੍ਰੋਫੈਸਰ ਨੂੰ ਐਤਵਾਰ ਨੂੰ Operation Sindoor ਨਾਲ ਸਬੰਧਤ ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਲਈ ਸਖ਼ਤ ਦੋਸ਼ਾਂ ਹੇਠ ਦੋ ਐੱਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਹਾਲ ਹੀ ਵਿਚ ਐਸੋਸੀਏਟ ਪ੍ਰੋਫੈਸਰ ਨੂੰ ਉਨ੍ਹਾਂ ਦੀਆਂ ਟਿੱਪਣੀਆਂ ’ਤੇ ਸਵਾਲ ਚੁੱਕਦਿਆਂ ਇਕ ਨੋਟਿਸ ਭੇਜਿਆ ਸੀ, ਹਾਲਾਂਕਿ ਮਹਿਮੂਦਾਬਾਦ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਗਲਤ ਸਮਝਿਆ ਗਿਆ ਹੈ ਅਤੇ ਦਾਅਵਾ ਕੀਤਾ ਕਿ ਉਸ ਨੇ ਬੋਲਣ ਦੀ ਆਜ਼ਾਦੀ ਦੇ ਆਪਣੇ ਮੌਲਿਕ ਅਧਿਕਾਰ ਦੀ ਵਰਤੋਂ ਕੀਤੀ ਹੈ।
ਹਰਿਆਣਾ ਦੇ ਡੀਸੀਪੀ ਨਰਿੰਦਰ ਕਾਦਿਆਨ ਨੇ ਕਿਹਾ ਕਿ ਸੋਨੀਪਤ ਦੇ ਰਾਏ ਪੁਲੀਸ ਸਟੇਸ਼ਨ ਵਿਚ ਦੋ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚ ਇਕ ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਦੀ ਸ਼ਿਕਾਇਤ ’ਤੇ ਅਤੇ ਦੂਜੀ ਇਕ ਪਿੰਡ ਦੇ ਸਰਪੰਚ ਦੀ ਸ਼ਿਕਾਇਤ ’ਤੇ ਅਧਾਰਤ ਹੈ। -ਪੀਟੀਆਈ