ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮਨਾਥ ਸਚਦੇਵਾ ਦੀ ਅਗਵਾਈ ਹੇਠ ਇੰਸਟੀਚਿਊਟ ਆਫ਼ ਇੰਟੀਗ੍ਰੇਟਿਡ ਐਂਡ ਆਨਰਜ਼ ਸਟੱਡੀਜ਼ ਦੇ ਬਨਸਪਤੀ ਵਿਗਿਆਨ ਵਿਭਾਗ ਵੱਲੋਂ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਦੇ ਰੰਗੋਲੀ, ਸਲੋਗਨ ਲਿਖਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਵਿਦਿਆ ਭਾਰਤੀ ਸੰਸਕ੍ਰਿਤੀ ਸਿੱਖਿਆ ਸੰਸਥਾ ਕੁਰੂਕਸ਼ੇਤਰ ਦੀ ਪ੍ਰਧਾਨ ਡਾ. ਮਮਤਾ ਸਚਦੇਵਾ ਨੇ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਵਾਤਾਵਰਨ ਦੀ ਸੰਭਾਲ ਲਈ ਸਮੂਹਿਕ ਯਤਨਾਂ ਦੀ ਲੋੜ
’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਓਜ਼ੋਨ ਪਰਤ ਨੂੰ ਸੁਰੱਖਿਅਤ ਰੱਖਣ, ਵਾਤਾਵਰਨ ਸੰਤੁਲਨ ਬਣਾਈ ਰੱਖਣ ਅਤੇ ਧਰਤੀ ਨੂੰ ਹਾਨੀਕਾਰਕ ਕਿਰਨਾਂ ਤੋਂ ਬਚਾਉਣ ਲਈ ਸਾਰਿਆਂ ਨੂੰ ਇੱਕਠੇ ਹੋ ਕੇ ਕੰਮ ਕਰਨ ਦੀ ਲੋੜ ਹੈ। ਪ੍ਰਿੰਸੀਪਲ ਪ੍ਰੋ. ਰੀਤਾ ਨੇ ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੀ ਮਹੱਤਤਾ ਅਤੇ ਵਾਤਾਵਰਨ ਸੁਰੱਖਿਆ ਪ੍ਰਤੀ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਅਤੇ ਰੋਜ਼ਾਨਾ ਜੀਵਨ ਵਿੱਚ ਵਾਤਾਵਰਨ ਅਨੁਕੂਲ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਬਨਸਪਤੀ ਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਅਨਿਲ ਗੁਪਤਾ ਨੇ ਓਜ਼ੋਨ ਪਰਤ ਦੀ ਰੱਖਿਆ ਦੀ ਲੋੜ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਇੱਕ ਮਹੱਤਵਪੂਰਨ ਲੋੜ ਹੈ। ਹਰ ਵਿਦਿਆਰਥੀ ਸਮਾਜ ਵਿੱਚ ਵਾਤਾਵਰਣ ਸੁਰੱਖਿਆ ਦਾ ਸੁਨੇਹਾ ਫੈਲਾ ਸਕਦਾ ਹੈ। ਪ੍ਰੋਗਰਾਮ ਦੇ ਹਿੱਸੇ ਵਜੋਂ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਵਾਤਾਵਰਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਰੰਗੋਲੀ, ਸਲੋਗਨ ਲਿਖਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਨੇ ਓਜ਼ੋਨ ਦੀ ਪਰਤ ਦੀ ਸੰਭਾਲ ਅਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ।

