ਸਕੂਲ ’ਚ ‘ਅਪਰੇਸ਼ਨ ਸਿੰਧੂਰ’ ਵਿਸ਼ੇ ’ਤੇ ਪੋਸਟਰ ਮੁਕਾਬਲਾ
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 23 ਮਈ
ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਟ ਜਾਟਾਨ ਵਿੱਚ ‘ਅਪਰੇਸ਼ਨ ਸਿੰਧੂਰ’ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਤੀਜੀ ਤੋਂ ਲੈ ਕੇ ਗਿਆਰਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਦੇਸ਼ ਦੀ ਫੌਜੀ ਸ਼ਕਤੀ, ਬਹਾਦਰੀ ਤੇ ਕੁਰਬਾਨੀ ਨੂੰ ਦਰਸਾਉਂਦੇ ਪੋਸਟਰ ਤਿਆਰ ਕੀਤੇ। ਸਕੂਲ ਦੇ ਪ੍ਰਿੰਸੀਪਲ ਰੌਬਿਨ ਕੁਮਾਰ ਨੇ ਵਿਦਿਆਰਥੀਆਂ ਦੀਆਂ ਕਲਾਕ੍ਰਿਤੀਆਂ ਦਾ ਮੁਲਾਂਕਣ ਕੀਤਾ ਤੇ ਬੱਚਿਆਂ ਨੂੰ ਭਾਰਤੀ ਫੌਜ ਵੱਲੋਂ ਪਾਕਿਸਤਾਨ ’ਚ ਦਹਿਸ਼ਤਗਰਦਾਂ ਖਿਲਾਫ਼ ਚਲਾਏ ਗਏ ਅਪਰੇਸ਼ਨ ਸਿੰਧੂਰ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਇਹ ਕਾਰਵਾਈ ਭਾਰਤੀ ਹਥਿਆਰਬੰਦ ਸੈਨਾਵਾਂ ਵਲੋਂ 6 ਤੇ 7 ਮਈ ਦੀ ਰਾਤ ਨੂੰ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ਵਿਚ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਰਤੀ ਫੌਜ, ਹਵਾਈ ਸੈਨਾ ਤੇ ਜਲ ਸੈਨਾ ਦੀ ਬਹਾਦਰੀ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਨਾ ਸਰੋਤ ਬਣੀ ਰਹੇਗੀ।
ਵਿਦਿਆਰਥੀਆਂ ਨੇ ਤਿਰੰਗਾ ਯਾਤਰਾ ਕੱਢੀ
ਨਾਰਾਇਣਗੜ੍ਹ (ਫਰਿੰਦਰ ਪਾਲ ਗੁਲਿਆਣੀ): ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਰਤੀ ਫੌਜ ਦੀ ਹਿੰਮਤ ਅਤੇ ਅਪਰੇਸ਼ਨ ਸਿੰਧੂਰ ਦੀ ਸਫਲਤਾ ਸਬੰਧੀ ਤਿਰੰਗਾ ਯਾਤਰਾ ਕੱਢੀ, ਜਿਸ ਦਾ ਆਗਾਜ਼ ਸਕੂਲ ਦੇ ਪ੍ਰਿੰਸੀਪਲ ਡਾ. ਆਰ.ਪੀ. ਰਾਠੀ ਨੇ ਹਰੀ ਝੰਡੀ ਦਿਖਾ ਕੇ ਕੀਤਾ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਅਪਰੇਸ਼ਨ ਸਿੰਧੂਰ ਬਾਰੇ ਜਾਣੂ ਕਰਵਾਇਆ। ਸਕਾਊਟਸ ਐਂਡ ਗਾਈਡਜ਼ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਨਰਾਇਣਗੜ੍ਹ ਇਲਾਕੇ ਵਿੱਚ ਤਿਰੰਗਾ ਅਤੇ ਪੋਸਟਰ ਫੜ ਕੇ ਰੈਲੀ ਕੱਢੀ।
ਪ੍ਰਿੰਸੀਪਲ ਨੇ ਕਿਹਾ ਕਿ ਅਜਿਹੀਆਂ ਮੁਹਿੰਮਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਏਕਤਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਹਨ। ਦੇਸ਼ ਦੀ ਰੱਖਿਆ ਕਰਨਾ ਸਾਡਾ ਫਰਜ਼ ਹੈ ਅਤੇ ਅੱਜ ਦੇ ਬੱਚੇ ਦੇਸ਼ ਦੇ ਭਵਿੱਖ ਦੇ ਨੇਤਾ ਹਨ। ਇਸ ਮੌਕੇ ‘ਤੇ ਮੌਜੂਦ ਸਕੂਲ ਕੋਆਰਡੀਨੇਟਰਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ।