ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦਾ ਤਹੱਈਆ
ਡੀ ਸੀ ਵੱਲੋਂ ਸਕੂਲਾਂ-ਕਾਲਜਾਂ ਵਿੱਚ ਖੇਡ ਤੇ ਜਾਗਰੂਕਤਾ ਗਤੀਵਿਧੀਆਂ ਵਧਾਉਣ ’ਤੇ ਜ਼ੋਰ
ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਇਸ ਨੂੰ ਪ੍ਰਾਪਤ ਕਰਨ ਲਈ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਸਕਾਰਾਤਮਕ ਯਤਨ ਕਰਨੇ ਚਾਹੀਦੇ ਹਨ। ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਇਹ ਨਿਰਦੇਸ਼ ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿੱਚ ਐਨਕਾਰਡ ਅਤੇ ਨਸ਼ਾ ਮੁਕਤ ਭਾਰਤ ਮੁਹਿੰਮ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਾਰੀ ਕੀਤੇ।
ਡੀ ਸੀ ਨੇ ਸਿੱਖਿਆ ਵਿਭਾਗ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਖੇਡ ਮੁਕਾਬਲੇ, ਨਾਅਰੇ ਲਿਖਣ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਕਰਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਜਨਤਕ ਥਾਵਾਂ ’ਤੇ ਪੋਸਟਰ ਅਤੇ ਹੋਰਡਿੰਗ ਲਗਾਏ ਜਾ ਰਹੇ ਹਨ। ਕਿਸੇ ਵੀ ਲੋਕ ਨੁਮਾਇੰਦੇ ਨੂੰ ਨਸ਼ਾ ਤਸਕਰਾਂ ਦੀ ਵਕਾਲਤ ਜਾਂ ਜ਼ਮਾਨਤ ਪ੍ਰਾਪਤ ਕਰਨ ਵਿੱਚ ਸਹਾਇਤਾ ਨਹੀਂ ਕਰਨੀ ਚਾਹੀਦੀ। ਸੀ ਐੱਮ ਓ ਨੂੰ ਹਦਾਇਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਡਾਕਟਰ ਦੀ ਪਰਚੀ ਤੋਂ ਬਿਨਾਂ ਕੋਈ ਵੀ ਸਰਿੰਜ ਮੁਹੱਈਆ ਨਹੀਂ ਕਰਵਾਈ ਜਾਣੀ ਚਾਹੀਦੀ। ਮੀਟਿੰਗ ਵਿੱਚ ਐੱਸ ਪੀ ਨਿਕਿਤਾ ਖੱਟਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੁਲੀਸ ਗਸ਼ਤ ਜਾਰੀ ਹੈ ਅਤੇ ਕਿਸੇ ਵੀ ਹਾਲਤ ਵਿੱਚ ਨਸ਼ਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

