ਪ੍ਰਭੂ ਦਿਆਲ
ਸਿਰਸਾ, 18 ਸਤੰਬਰ
ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਆਸਤੀਫ਼ਾ ਦੇਦ ਮਗਰੋਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ’ਤੇ ਅਸਤੀਫ਼ਾ ਦੇਣ ਦਾ ਦਬਾਅ ਵੱਧ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਦੁਸ਼ਿਅੰਤ ਚੌਟਾਲਾ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਹੈ ਕਿ ਜੇ ਕਿਸਾਨਾਂ ਦੇ ਹੱਕ ਵਿੱਚ ਦੁਸ਼ਿਅੰਤ ਚੌਟਾਲਾ ਅਸਤੀਫ਼ਾ ਨਹੀਂ ਦਿੰਦੇ ਤਾਂ ਕਿਸਾਨ ਉਨ੍ਹਾਂ ਦਾ ਪਿੰਡਾਂ ਵਿੱਚ ਘਿਰਾਓ ਕਰਨਗੇ। ਖੇਤੀ ਬਿੱਲਾਂ ਦੇ ਵਿਰੋਧ ਵਿੱਚ ਬਾਰ੍ਹਾਂ ਦਿਨਾਂ ਤੋਂ ਮਿੰਨੀ ਸਕੱਤਰੇਤ ਦੇ ਬਾਹਰ ਧਰਨੇ ’ਤੇ ਬੈਠੇ ਅਖਿਲ ਸਵਾਮੀਨਾਥਨ ਸੰਘਰਸ਼ ਸਮਿਤੀ ਦੇ ਆਗੂ ਵਿਕਲ ਪਚਾਰ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਹਰਸਿਮਰਤ ਬਾਦਲ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ, ਉਸੇ ਤਰ੍ਹਾਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਵੀ ਕਿਸਾਨਾਂ ਦੇ ਹੱਕ ਵਿੱਚ ਅਸਤੀਫ਼ਾ ਦੇਣ।