ਆਨਲਾਈਨ ਤਬਾਦਲਾ ਨੀਤੀ ਖ਼ਿਲਾਫ਼ ਪ੍ਰਦਰਸ਼ਨ
ਐੱਚ ਐੱਸ ਈ ਬੀ ਵਰਕਰਜ਼ ਯੂਨੀਅਨ ਨਾਲ ਸਬੰਧਤ ਬਿਜਲੀ ਮੁਲਾਜ਼ਮਾਂ ਨੇ ਸੂਬਾ ਸਰਕਾਰ ਵੱਲੋਂ ਲਾਗੂ ਕੀਤੀ ਗਈ ਆਨਲਾਈਨ ਤਬਾਦਲਾ ਨੀਤੀ ਦੇ ਵਿਰੋਧ ਵਿੱਚ ਗੇਟ ਰੈਲੀ ਕਰਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਅਤੇ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਪ੍ਰਧਾਨ ਬਲਬੀਰ ਰੰਗਾ ਨੇ ਦੱਸਿਆ ਕਿ ਇਹ ਪ੍ਰਦਰਸ਼ਨ ਕੇਂਦਰੀ ਕੌਂਸਲ ਦੇ ਸੂਬਾ ਪ੍ਰਧਾਨ ਇਕਬਾਲ ਚੰਦਨਾ ਦੀ ਅਗਵਾਈ ਹੇਠ ਪੰਚਕੂਲਾ ਵਿੱਚ ਹੋਈ ਮੀਟਿੰਗ ਤੋਂ ਬਾਅਦ ਲਏ ਗਏ ਫੈਸਲੇ ਅਨੁਸਾਰ ਕੀਤਾ ਜਾ ਰਿਹਾ ਹੈ।
ਯੂਨੀਅਨ ਵੱਲੋਂ ਇਸ ਸਬੰਧੀ ਵਧੀਕ ਮੁੱਖ ਸਕੱਤਰ (ਏ ਸੀ ਐੱਸ) ਬਿਜਲੀ ਵਿਭਾਗ ਦੇ ਨਾਂ ਇੱਕ ਪੱਤਰ ਵੀ ਭੇਜਿਆ ਗਿਆ ਹੈ। ਅਧਿਕਾਰੀਆਂ ਨੂੰ ਸੌਂਪੇ ਗਏ ਇਸ ਮੰਗ ਪੱਤਰ ਵਿੱਚ ਆਨਲਾਈਨ ਤਬਾਦਲਾ ਨੀਤੀ ਨੂੰ ਰੱਦ ਕਰਨ ਅਤੇ ਮੁਲਾਜ਼ਮਾਂ ਦੀਆਂ ਹੋਰ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਗਈ ਹੈ। ਆਗੂਆਂ ਨੇ ਐਲਾਨ ਕੀਤਾ ਕਿ ਏ ਸੀ ਐੱਸ ਬਿਜਲੀ ਨਿਗਮ ਖ਼ਿਲਾਫ਼ ਪੂਰੇ ਸੂਬੇ ਵਿੱਚ ਛੇ ਪੜਾਵਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਤਹਿਤ ਹਰ ਪੜਾਅ ਵਿੱਚ ਦੋ ਘੰਟੇ ਦਾ ਧਰਨਾ ਦਿੱਤਾ ਜਾਵੇਗਾ।
ਬਲਬੀਰ ਰੰਗਾ ਨੇ ਤਕਨੀਕੀ ਨੁਕਤਿਆਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਆਨਲਾਈਨ ਤਬਾਦਲਾ ਪ੍ਰਕਿਰਿਆ ਤਹਿਤ ਮੁਲਾਜ਼ਮਾਂ ਨੂੰ ਹਰ ਤਿੰਨ ਸਾਲਾਂ ਬਾਅਦ ਬਦਲ ਦਿੱਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਨਾਲ ਬਿਜਲੀ ਲਾਈਨਾਂ ਦੀ ਮੁਰੰਮਤ ਦੌਰਾਨ ਹਾਦਸਿਆਂ ਦਾ ਖਤਰਾ ਵਧੇਗਾ ਕਿਉਂਕਿ ਨਵੇਂ ਇਲਾਕੇ ਵਿੱਚ ਤਾਇਨਾਤ ਮੁਲਾਜ਼ਮ ਨੂੰ ਉੱਥੋਂ ਦੇ ਲਾਈਨ ਨੈੱਟਵਰਕ ਅਤੇ ਭੂਗੋਲਿਕ ਸਥਿਤੀ ਨੂੰ ਸਮਝਣ ਵਿੱਚ ਸਮਾਂ ਲੱਗੇਗਾ, ਜਿਸ ਕਾਰਨ ਕਰੰਟ ਲੱਗਣ ਵਰਗੀਆਂ ਘਟਨਾਵਾਂ ਵਾਪਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨੀਤੀ ਕਿਸੇ ਵੀ ਤਰ੍ਹਾਂ ਮੁਲਾਜ਼ਮਾਂ ਦੇ ਹਿੱਤ ਵਿੱਚ ਨਹੀਂ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਮੁਲਾਜ਼ਮ ਤਿੱਖਾ ਅੰਦੋਲਨ ਵਿੱਢਣ ਲਈ ਮਜਬੂਰ ਹੋਣਗੇ। ਰੋਸ ਪ੍ਰਦਰਸ਼ਨ ਦੀ ਪ੍ਰਧਾਨਗੀ ਸਬ-ਯੂਨਿਟ ਦੇ ਮੁਖੀ ਬਲਿੰਦਰ ਸੈਣੀ ਨੇ ਕੀਤੀ, ਜਦਕਿ ਮੰਚ ਸੰਚਾਲਨ ਸਕੱਤਰ ਦਿਨੇਸ਼ ਸ਼ਰਮਾ ਨੇ ਕੀਤਾ।
