ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 6 ਮਈ
ਨਰਾਇਣਗੜ੍ਹ ਦੇ ਗੁਰਦੁਆਰਾ ਰਾਤਗੜ੍ਹ ਸਾਹਿਬ ਵਿੱਚ 29 ਅਪਰੈਲ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ ਪਹਿਲਾਂ ਸੁਰੱਖਿਆ ਚੈਕਿੰਗ ਦੇ ਨਾਂ ’ਤੇ ਕੀਤੀ ਗਈ ਗੁਰੂ ਗ੍ਰੰਥ ਸਾਹਿਬ ਦੀ ਕਥਿਤ ਬੇਅਦਬੀ ਦੀ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ। ਅੰਬਾਲਾ ਕੈਂਟ ਦੀ ਸੰਗਤ ਨੇ ਅੱਜ ਉਂਕਾਰ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਕਰਕੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਸ ਸਬੰਧੀ ਗੁਰਦੁਆਰਾ ਪ੍ਰਬੰਧਕਾਂ ਅਤੇ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇ। ਉਨ੍ਹਾਂ ਕਿਹਾ ਕਿ ਪੁਲੀਸ ਫੋਰਸ ਵੱਲੋਂ ਮੈਟਲ ਡਿਟੈਕਟਰ ਨਾਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਥਾਨ ’ਤੇ ਪੀੜਾ ਸਾਹਿਬ ਅਤੇ ਚੌਰ ਸਾਹਿਬ ਦੀ ਚੈਕਿੰਗ ਕਰਨਾ ਬਹੁਤ ਹੀ ਨਿੰਦਣਯੋਗ ਹੈ।