ਦੇਵਿੰਦਰ ਸਿੰਘ
ਯਮੁਨਾਨਗਰ, 25 ਮਈ
ਆਪਣੇ ਮੰਗਾਂ-ਮਸਲਿਆਂ ਨੂੰ ਲੈ ਕੇ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਹਰਿਆਣਾ ਨੇ ਇੱਥੇ ਰੋਸ ਪ੍ਰਦਰਸ਼ਨ ਕੀਤਾ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਪ੍ਰੋਗਰਾਮ ਅਫਸਰ ਰਾਹੀਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਹਰਿਆਣਾ ਦੇ ਡਾਇਰੈਕਟਰ ਨੂੰ ਮੰਗ ਪੱਤਰ ਭੇਜਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੀ ਜ਼ਿਲ੍ਹਾ ਪ੍ਰਧਾਨ ਰੇਖਾ ਸੈਣੀ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰਜ਼ ਐਸੋਸੀਏਸ਼ਨ ਦੀ ਤਾਲਮੇਲ ਕਮੇਟੀ ਨਾਲ ਸਰਕਾਰ ਨਾਲ ਹੋਏ ਸਮਝੌਤੇ ਤਹਿਤ ਬੀਤੀ ਪੰਜ ਅਪਰੈਲ ਨੂੰ ਅੰਦੋਲਨ ਵਾਪਸ ਲੈ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਗੱਲਬਾਤ ਦੌਰਾਨ ਇਹ ਸਹਿਮਤੀ ਬਣੀ ਸੀ ਕਿ ਅੰਦੋਲਨ ਦੇ ਦੌਰਾਨ ਬਣਾਏ ਕੇਸ ਵਾਪਸ ਲੈ ਕੇ ਸਾਰੀਆਂ ਬਰਖਾਸਤ ਕੀਤੀਆਂ ਆਂਗਣਵਾੜੀ ਵਰਕਰਾਂ ਨੂੰ ਤੁਰੰਤ ਬਹਾਲ ਕੀਤਾ ਜਾਵੇਗਾ ਅਤੇ ਇਹ ਵੀ ਫੈਸਲਾ ਹੋਇਆ ਸੀ ਕਿ ਤਨਖਾਹ ਵਿੱਚੋਂ 100 ਰੁਪੇ ਦੀ ਕਟੌਤੀ ਕਰਕੇ ਬਕਾਇਆ ਤਨਖਾਹ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਵੱਲੋਂ ਇਸ ਸਬੰਧ ਵਿੱਚ ਕੋਈ ਕਦਮ ਨਹੀਂ ਚੁੱਕੇ ਗਏ ਜਿਸ ਕਾਰਨ ਆਂਗਣਵਾੜੀ ਵਰਕਰਾਂ ਨੂੰ ਮਾਨਸਿਕ ਪ੍ਰੇਸ਼ਾਨੀ ਅਤੇ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬਰਖਾਸਤ ਵਰਕਰਾਂ ਅਤੇ ਹੈਲਪਰਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ, ਅੰਦੋਲਨ ਦੌਰਾਨ ਦਰਜ ਹੋਏ ਕੇਸ ਵਾਪਸ ਲਏ ਜਾਣ, ਕਰਮਚਾਰੀਆਂ ਦੀ ਤਨਖਾਹ ਦੇ ਵਾਧੇ ਦਾ ਬਕਾਇਆ ਅਤੇ ਵਰਦੀ ਦੀ ਰਕਮ ਦਿੱਤੀ ਜਾਵੇ, ਰਾਸ਼ਨ ਦੀ ਸਪਲਾਈ ਦੇ ਨਾਲ ਹੀ ਆਂਗਣਵਾੜੀ ਕੇਂਦਰਾਂ ਨੂੰ ਮੀਨੂ ਦੀ ਕਾਪੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ’ਤੇ ਆਨਲਾਈਨ ਕੰਮ ਕਰਨ ਲਈ ਦਬਾਅ ਨਹੀਂ ਪਾਇਆ ਜਾਣਾ ਚਾਹੀਦਾ ਹੈ ਬਲਕਿ ਕੰਮ ਲਈ ਰਜਿਸਟਰ ਉਪਲੱਬਧ ਕਰਵਾਏ ਜਾਣੇ ਚਾਹੀਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰ ਤੇ ਹੈਲਪਰ ਮੌਜੂਦ ਸਨ।