ਭੁਪਿੰਦਰ ਸਿੰਘ ਪੰਨੀਵਾਲੀਆ
ਕਾਲਾਂਵਾਲੀ, 19 ਜਨਵਰੀ
ਨਗਰ ਨਿਗਮ ਵੱਲੋਂ ਸ਼ਹਿਰੀ ਖੇਤਰ ਦੀਆਂ ਰਜਿਸਟਰੀਆਂ ਕਰਵਾਉਣ ਤੇ ਐੱਨਓਸੀ ਨਾ ਦੇਣ ਦੇ ਮਾਮਲੇ ਸਬੰਧੀ ਮੰਡੀ ਦੇ ਪ੍ਰਾਪਰਟੀ ਡੀਲਰਾਂ ਨੇ ਨਗਰ ਨਿਗਮ ਦਫ਼ਤਰ ਅੱਗੇ ਧਰਨਾ ਦਿੱਤਾ ਤੇ ਐੱਨਓਸੀ ਜਾਰੀ ਕਰਨ ਦੀ ਮੰਗ ਕੀਤੀ। ਇਸ ਦੌਰਾਨ ਪ੍ਰਾਪਰਟੀ ਡੀਲਰ ਮਿੱਠੂ ਸਿੰਘ ਮਾਂਗਟ ਨੇ ਦੱਸਿਆ ਕਿ ਜਿਥੇ ਕਾਲਾਂਵਾਲੀ ਵਿੱਚ ਲਗਪਗ ਪੰਜ ਮਹੀਨੇ ਤੋਂ ਜ਼ਮੀਨ ਦੀਆਂ ਰਜਿਸਟਰੀਆਂ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ, ਉਥੇ ਹੀ ਸਰਕਾਰ ਦਾ ਵੀ ਰਜਿਸਟਰੀ ਫੀਸ ਦੇ ਤੌਰ ’ਤੇ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੰਡੀ ਦੇ ਰਿਹਾਇਸ਼ੀ ਖੇਤਰ ਦੀਆਂ ਰਜਿਸਟਰੀਆਂ ਹੁੰਦੀਆਂ ਸਨ, ਜਿਸ ਲਈ ਐੱਨਓਸੀ ਦੀ ਕੋਈ ਲੋੜ ਨਹੀਂ ਹੁੰਦੀ ਸੀ। ਪਰ ਲੌਕਡਾਊਨ ਤੋਂ ਬਾਅਦ ਸਰਕਾਰ ਵੱਲੋਂ ਲਾਗੂ ਕੀਤੇ ਨਵੇਂ ਨਿਯਮਾਂ ਤਹਿਤ ਹੁਣ ਸ਼ਹਿਰ ਦੇ ਸਾਰੇ ਖੇਤਰਾਂ ਦੀ ਨਗਰ ਨਿਗਮ ਤੋਂ ਐਨਓਸੀ ਲੈਣੀ ਜ਼ਰੂਰੀ ਕਰ ਦਿੱਤੀ ਹੈ, ਇਸ ਲਈ ਹਜ਼ਾਰਾਂ ਰੁਪਏ ਦੀ ਫੀਸ ਵੀ ਅਦਾ ਕਰਨੀ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦਾ ਜੋ ਖੇਤਰ ਪੂਰੀ ਤਰ੍ਹਾਂ ਆਬਾਦ ਹੈ ਉਸ ਦੀ ਵੀ ਐਨਓਸੀ ਮੰਗੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।