ਪਿਛਲੇ 14 ਦਿਨਾਂ ਤੋਂ ਹੜਤਾਲ ’ਤੇ ਡਟੇ ਸਫ਼ਾਈ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਮੰਨਵਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਅੱਜ ਜੀਂਦ ਨਗਰ ਪਰਿਸ਼ਦ, ਨਰਵਾਣਾ ਅਤੇ ਉਚਾਨਾ ਨਗਰ ਕੌਂਸਲਾਂ ਦੇ ਦਫ਼ਤਰਾਂ ਨੂੰ ਜਿੰਦਰੇ ਲਾ ਕੇ ਮੁਜ਼ਾਹਰਾ ਕੀਤਾ। ਜਾਣਕਾਰੀ ਅਨੁਸਾਰ ਮੁਲਾਜ਼ਮਾਂਂ ਨੇ ਜੀਂਦ ਵਿੱਚ ਨਗਰ ਪਰਿਸ਼ਦ ਦੇ ਮੁੱਖ ਗੇਟ ਨੂੰ ਤਾਲਾ ਲਾ ਦਿੱਤਾ ਅਤੇ ਲਗਪਗ ਦੋ ਘੰਟੇ ਦਫ਼ਤਰ ਦਾ ਕੰਮਕਾਜ ਠੱਪ ਰਿਹਾ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਸਥਾਨਕ ਸਰਕਾਰਾਂ ਮੰਤਰੀ ਦਾ ਪੁਤਲਾ ਵੀ ਸਾੜਿਆ ਅਤੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੰਗਾਂ ਮੰਨਣ ਦੀ ਅਪੀਲ ਕੀਤੀ। ਸਫ਼ਾਈ ਕਰਮਚਾਰੀ ਨੇਤਾ ਸੋਹਨ ਲਾਲ ਨੇ ਕਿਹਾ ਕਿ ਮੁਲਾਜ਼ਮਾਂ ਨੇ ਮਈ ਮਹੀਨੇ ਵਿੱਚ ਵੀ ਆਪਣੀਆਂ ਮੰਗਾਂ ਲਈ ਅੰਦੋਲਨ ਕੀਤਾ ਸੀ। ਉਸ ਸਮੇਂ ਸਰਕਾਰ ਅਤੇ ਮੁਲਾਜ਼ਮਾਂ ਦੇ ਵਿਚਕਾਰ ਕਈ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ ਸੀ। ਸਰਕਾਰ ਵੱਲੋਂ ਮੰਗਾਂ ਮੰਨਣ ਦਾ ਭਰੋਸਾ ਦੇਣ ਮਗਰੋਂ ਮੁਲਾਜ਼ਮਾਂ ਨੇ ਆਪਣਾ ਅੰਦੋਲਨ ਸਮਾਪਤ ਕੀਤਾ ਸੀ, ਪਰ ਤਿੰਨ ਮਹੀਨਿਆਂ ਤੋਂ ਵੱਧ ਸਮਾਂ ਬੀਤਣ ਮਗਰੋਂ ਵੀ ਸਰਕਾਰ ਵੱਲੋਂ ਸਮਝੌਤਾ ਲਾਗੂ ਕਰਨ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਹੁਣ ਸਫ਼ਾਈ ਕਰਮਚਾਰੀ ਪਿਛਲੇ 13-14 ਦਿਨਾਂ ਤੋਂ ਹੜਤਾਲ ’ਤੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੋਈ ਗੱਲਬਾਤ ਨਹੀਂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਫ਼ਾਈ ਮੁਲਾਜ਼ਮਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਮੰਗਾਂ ਲਟਕ ਰਹੀਆਂ ਹਨ ਅਤੇ ਸਰਕਾਰ ਦੁਆਰਾ ਕੀਤੇ ਵਾਅਦੇ ਪੂਰੇ ਨਾ ਹੋਣ ਉੱਤੇ ਮੁਲਾਜ਼ਮਾਂ ਵਿੱਚ ਭਾਰੀ ਰੋਹ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਕੋਈ ਠੋਸ ਕਦਮ ਨਹੀਂ ਚੁੱਕਿਆ ਤਾਂ ਮੁਲਜ਼ਮ ਅੰਦੋਲਨ ਨੂੰ ਹੋਰ ਤੇਜ਼ ਕਰ ਦੇਣਗੇ।

