ਪ੍ਰਭੂ ਦਿਆਲ
ਸਿਰਸਾ, 12 ਫਰਵਰੀ
ਕਿਰਤ ਕਾਨੂੰਨਾਂ ’ਚ ਕੀਤੀ ਤਬਦੀਲੀ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੀਟੂ ਦੇ ਬੈਨਰ ਹੇਠ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੀ ਕੋਠੀ ਦਾ ਘਿਰਾਓ ਕਰਨ ਜਾਂਦੇ ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਬਰਨਾਲਾ ਰੋਲ ਸਥਿਤ ਬਾਲ ਭਵਨ ਨੇੜੇ ਰੋਕ ਲਿਆ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੁਝ ਸਮੇਂ ਲਈ ਸੜਕ ’ਤੇ ਬੈਠ ਕੇ ਧਰਨਾ ਦਿੱਤਾ ਤੇ ਐੱਸਡੀਐੱਮ ਨੂੰ ਉਪ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ। ਸਿਰਸਾ ਤੋਂ ਇਲਾਵਾ ਫਤਿਹਾਬਾਦ ਤੇ ਹਿਸਾਰ ਦੇ ਲੋਕ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।
ਇਸ ਤੋਂ ਪਹਿਲਾਂ ਕਿਰਤ ਕਾਨੂੰਨਾਂ ’ਚ ਕੀਤੀਆਂ ਗਈਆਂ ਤਬਦੀਲੀਆਂ ਤੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੇ ਬੈਨਰ ਹੇਠ ਆਂਗਨਵਾੜੀ ਵਰਕਰ, ਆਸ਼ਾ ਵਰਕਰ, ਮਿਡ ਡੇਅ ਮੀਲ ਵਰਕਰ, ਸਫ਼ਾਈ ਕਰਮਚਾਰੀ, ਲਾਲ ਭੱਠਾ ਮਜ਼ਦੂਰ ਯੂਨੀਅਨ, ਖੇਤ ਮਜ਼ਦੂਰ ਯੂਨੀਅਨ, ਭਵਨ ਨਿਰਮਾਣ ਨਾਲ ਜੁੜੇ ਕਾਮੇ ਆਦਿ ਵੱਡੀ ਗਿਣਤੀ ਵਿੱਚ ਅੱਜ ਸਿਰਸਾ ਸਥਿਤ ਰੇਲਵੇ ਪਾਰਕ ਵਿੱਚ ਇਕੱਠੇ ਹੋਏ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਮਜ਼ਦੂਰਾਂ, ਕਰਮਚਾਰੀਆਂ ਤੇ ਕਿਸਾਨਾਂ ਨਾਲ ਦੁਸ਼ਮਣਾਂ ਵਰਗਾ ਵਿਵਹਾਰ ਕਰ ਰਹੀ ਹੈ। ਖਾਧ ਸੁਰੱਖਿਆ ਤੇ ਕਿਰਤ ਕਾਨੂੰਨਾਂ ਨਾਲ ਜਿੱਥੇ ਛੇੜਛਾੜ ਕੀਤੀ ਗਈ ਹੈ ਉਥੇ ਹੀ ਖੇਤੀ ਕਾਨੂੰਨ ਬਣਾ ਕੇ ਕਿਸਾਨੀ ਬਰਬਾਦ ਕਰਨ ਦੀ ਤਿਆਰੀ ਕਰ ਲਈ ਗਈ ਹੈ। ਕੇਂਦਰ ਸਰਕਾਰ ਨੇ 8 ਘੰਟੇ ਕੰਮ ਦੀ ਬਜਾਏ 12 ਘੰਟੇ ਕੰਮ ਕਰਨ ਦਾ ਕਾਨੂੰਨ ਪਾਸ ਕਰ ਦਿੱਤਾ ਹੈ, ਜੋ ਮਜ਼ਦੂਰ ਵਰਗ ਦੇ ਖ਼ਿਲਾਫ਼ ਹੈ। ਕਰੋਨਾ ਮਹਾਮਾਰੀ ਦੌਰਾਨ ਖੇਤੀ ਬਿੱਲ ਲਿਆ ਕੇ ਕਾਨੂੰਨ ਬਣਾ ਦਿੱਤੇ ਜੋ ਕਿਸਾਨਾਂ ਦੇ ਮੌਤ ਦੇ ਵਾਰੰਟ ਸਾਬਤ ਹੋਣਗੇ। ਕਿਸਾਨ ਇਹ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਛੇ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਸਨ ਪਰ ਸਰਕਾਰ ਇਸ ਸੰਘਰਸ਼ ਨੂੰ ਅਣਗੌਲਿਆਂ ਕਰ ਰਹੀ ਹੈ।