ਨਿੱਜੀ ਪੱਤਰ ਪ੍ਰੇਰਕ
ਸਿਰਸਾ, 5 ਫਰਵਰੀ
ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦੇ ਮੁਆਵਜ਼ੇ ਦੀ ਮੰਗ ਸਮੇਤ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਮਿੰਨੀ ਸਕੱਤਰੇਤ ’ਚ ਆਪਣੇ ਟਰੈਕਟਰ ਟਰਾਲੀਆਂ ਸਮੇਤ ਦਿੱਲੀ ਵਾਂਗ ਲਾਇਆ ਗਿਆ ਪੱਕਾ ਮੋਰਚਾ ਜਾਰੀ ਹੈ। ਮੰਗਾਂ ਪੂਰੀਆਂ ਨਾ ਹੋਣ ’ਤੇ ਕਿਸਾਨਾਂ ਨੇ 7 ਫਰਵਰੀ ਨੂੰ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦਾ ਪੁਤਲਾ ਫੂਕਣ ਤੇ ਬਿਜਲੀ ਮੰਤਰੀ ਰਣਜੀਤ ਸਿੰਘ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਪਿੰਡਾਂ ਵਿੱਚ ਇਸ ਨੂੰ ਸਫਲ ਬਣਾਉਣ ਲਈ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮਿੰਨੀ ਸਕੱਤਰੇਤ ’ਚ ਪੱਕਾ ਮੋਰਚਾ ਦੇ ਤਹਿਤ ਧਰਨਾ ਦੇ ਰਹੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਹਰਿਆਣਾ ਕਿਸਾਨ ਮੰਚ ਦੇ ਸੂਬਾਈ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਨੌਂ ਦਿਨਾਂ ਤੋਂ ਠੰਢ ਤੇ ਮੀਂਹ ’ਚ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦੇ ਰਹੇ ਹਨ ਪਰ ਪ੍ਰਸ਼ਾਸਨ ਤੇ ਸਰਕਾਰ ਉਨ੍ਹਾਂ ਨੂੰ ਅਣਗੌਲਿਆਂ ਕਰ ਰਹੀ ਹੈ। ਇਸ ਮੌਕੇ ਸਤਪਾਲ ਸਿੰਘ, ਬਲਵੰਤ ਸਿੰਘ, ਗੁਰਨਾਮ ਸਿੰਘ, ਲੱਖਾ ਸਿੰਘ, ਜਰਨੈਲ ਸਿੰਘ ਅਲੀਕਾਂ, ਜਗਸੀਰ ਸਿੰਘ ਭੀਮਾ, ਲਾਲ ਸਿੰਘ ਮਲੜੀ ਮੌਜੂਦ ਸਨ।