ਸਤਨਾਮ ਸਿੰਘ
ਸ਼ਾਹਬਾਦ, 16 ਅਕਤੂਬਰ
ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਸੈਣੀ ਨੇ ਕਿਹਾ ਹੈ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਬਾਵਜੂਦ ਪੰਜਾਬ ਸਰਕਾਰ ਐੱਸਵਾਈਐੱਲ ਦੀ ਉਸਾਰੀ ਲਈ ਸਕਾਰਾਤਮਕ ਕਦਮ ਨਹੀਂ ਚੁੱਕ ਰਹੀ ਜੋ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਪੰਜਾਬ, ਹਰਿਆਣਾ ਨਾਲ ਖਿਲਵਾੜ ਕਰ ਰਿਹਾ ਹੈ। ਪੰਜਾਬ ਨੂੰ ਉੱਚ ਅਦਾਲਤ ਦੇ ਫ਼ੈਸਲੇ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਸਵਾਈਐਲ ਦੇ ਪਾਣੀ ’ਤੇ ਹਰਿਆਣਾ ਦਾ ਵੀ ਹੱਕ ਹੈ। ਸੁਪਰੀਮ ਕੋਰਟ ਨੇ ਵੀ ਆਪਣੇ ਫ਼ੈਸਲੇ ਵਿਚ ਹਰਿਆਣਾ ਦੇ ਹੱਕ ਨੂੰ ਜਾਇਜ਼ ਮੰਨਿਆ ਹੈ। ਇਸ ਤੋਂ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਹਰਿਆਣਾ ਦੇ ਹੱਕ ਮਾਰ ਰਹੀ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਅੱਜ ਆਪਣੇ ਨਿਵਾਸ ’ਤੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਬਾਵਜੂਦ ਪਾਣੀ ਦੇਣ ਦੇ ਫ਼ੈਸਲੇ ਨੂੰ ਦਰ ਕਿਨਾਰ ਕਰ ਰਿਹਾ ਹੈ। ਪੰਜਾਬ ਨਾਲ ਕਈ ਦੌਰ ’ਤੇ ਗਲਬਾਤ ਵੀ ਹੋ ਰਹੀ ਹੈ ਪਰ ਸਰਕਾਰ ਤੇ ਉਸ ਦੇ ਅਫ਼ਸਰ ਲਗਾਤਾਰ ਢਿੱਲਮਠ ਵਾਲਾ ਰਵੱਈਆ ਅਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰੀਆਂ ਨੂੰ ਵੀ ਪਤਾ ਹੈ ਕਿ ਹਰਿਆਣਾ ਦਾ ਪੱਖ ਇਸ ਮਾਮਲੇ ਵਿਚ ਮਜ਼ਬੂਤ ਹੈ, ਇਸ ਲਈ ਉਹ ਕੋਈ ਦਲੀਲ ਵੀ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਦਿੱਲੀ ਦੀ ਆਮ ਆਦਮੀ ਦੀ ਸਰਕਾਰ ਹਰਿਆਣਾ ਨੂੰ ਜ਼ਿਆਦਾ ਪਾਣੀ ਦੇਣ ਦੀ ਮੰਗ ਕਰਦੀ ਹੈ ਤੇ ਦੂਜੇ ਪਾਸੇ, ਉਹੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਨਹੀਂ ਦਿੰਦੀ।
ਸ੍ਰੀ ਸੈਣੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਤੋਂ ਹਰਿਆਣਾ ਵਿਚ ਐੱਸਵਾਈਐੱਲ ਦਾ ਪਾਣੀ ਲਿਆਉਣ ਦਾ ਦਮ ਭਰਨ ਵਾਲੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੀ ਸੱਤਾ ਹਾਸਲ ਕਰਨ ਤੋਂ ਬਾਅਦ ਆਪਣੇ ਵਾਅਦੇ ਤੋਂ ਮੁਕਰ ਗਏ ਹਨ।